ਅਨੰਦਪੁਰ ਸਾਹਿਬ, 24 ਫਰਵਰੀ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਬੰਧੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਬੁੱਢਾ ਦਲ ਵੱਲੋਂ ਚਲੀ ਆਉਂਦੀ ਪੁਰਾਤਨ ਪਰੰਪਰਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ ਜਿਨ੍ਹਾਂ ਦੇ ਭੋਗ 26 ਫਰਵਰੀ ਨੂੰ ਸਵੇਰੇ 8:30 ਵਜੇ ਪਣੈਗੇ। ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਸਿਆ ਕਿ ਸਿੱਖੀ ਰਵਾਇਤਾਂ ਪਰੰਪਰਾਵਾਂ ਅਨੁਸਾਰ 26 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ, ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਗੁਰਮਤਿ ਦੇ ਵਿਦਵਾਨ ਆਪੋ ਆਪਣੇ ਵਿਖਿਆਨਾਂ ਰਾਹੀਂ ਅਕਾਲੀ ਬਾਬਾ ਫੂਲਾ ਜੀ ਦੇ ਜੀਵਨ ਫਲਸਫੇ ਨੂੰ ਸੰਗਤਾਂ ਨਾਲ ਸਾਂਝਾ ਕਰਨਗੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਐਡੋਕੇਟ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਢਾਡੀ ਜੱਥਾ, ਭਾਈ ਜਰਨੈਲ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਪ੍ਰਿਤਪਾਲ ਸਿੰਘ ਕਥਾਵਾਚਕ, ਗਿਆਨੀ ਹਰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਹਰਜੀਤ
ਸਿੰਘ ਮਹਿਤਾ ਚੌਂਕ ਵਾਲੇ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।