ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਾਰੇ ਵਿਭਾਗ ਕਰਨ ਸਹਿਯੋਗ : ਏ.ਡੀ.ਸੀ. ਈਸ਼ਾ ਸਿੰਗਲ

  • ਜ਼ਿਲ੍ਹੇ ਦੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਸਤੇ ਕਲਾਸਾਂ ਲਗਾਉਣ ਸਬੰਧੀ ਯੋਜਨਾ ਤਿਆਰ ਕਰਨ ਦੀ ਹਦਾਇਤ
  • ਸਵੈ-ਰੋਜ਼ਗਾਰ ਸਕੀਮਾਂ ਦਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਹਾ ਦੇਣ ਲਈ ਕੀਤਾ ਪ੍ਰੇਰਿਤ
  • ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕਾਊਂਸਲ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 28 ਜੂਨ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਕੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰ ਸਕਣ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕਾਊਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਸਵੈ ਰੋਜ਼ਗਾਰ ਸਕੀਮਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਵੈ-ਰੋਜ਼ਗਾਰ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਨੌਜਵਾਨ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਸ਼੍ਰੀਮਤੀ ਈਸ਼ਾ ਸਿੰਗਲ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਸਤੇ ਇੱਕ ਵਿਆਪਕ ਯੋਜਨਾ ਉਲੀਕੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾ ਕੇ ਉਨ੍ਹਾਂ ਨੂੰ ਉਚ ਆਹੁਦਿਆਂ ਤੇ ਪਹੁੰਚਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਜ਼ਿਲ੍ਹਾ ਮੈਨੈਜਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਸਿਖਿਆਰਥੀਆਂ ਨੂੰ ਅਜੌਕੇ ਸਮੇਂ ਵਿੱਚ ਸਭ ਤੋਂ ਵੱਧ ਚੱਲ ਰਹੇ ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀਆਂ ਸਮੂਹ ਪਲੇਸਮੈਂਟ ਤੇ ਸਵੈ ਰੋਜ਼ਗਾਰ ਸਬੰਧੀ ਗਤੀਵਿਧੀਆਂ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਆਪਸੀ ਤਾਲਮੇਲ ਨਾਲ ਮਿਲ ਕੇ ਹੰਭਲਾ ਮਾਰਿਆ ਜਾਵੇ ਤਾਂ ਜੋ ਸਾਡੇ ਨੌਜਵਾਨ ਆਪਣੇ ਪੈਰ੍ਹਾਂ ਤੇ ਖੜੇ ਹੋ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਣ। ਮੀਟਿੰਗ ਵਿੱਚ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਹਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜ਼ਿਲ੍ਹਾ ਮੈਨੈਜਰ ਸ਼੍ਰੀ ਜਗਦੀਸ਼ ਸਿੰਘ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ਼੍ਰੀ ਮੁਕੇਸ਼ ਸੈਣੀ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਜ਼ਿਲ੍ਹਾ ਮੈਨੇਜਰ ਮੁਕੇਸ਼ ਕੁਮਾਰ, ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।