ਰੋਜ਼ਾ ਸ਼ਰੀਫ ਦਾ ਸਲਾਨਾਂ ਉਰਸ 01 ਸਤੰਬਰ ਤੋਂ 03 ਸਤੰਬਰ ਤੱਕ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ

  • ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਦੇ ਆਦੇਸ਼
  • ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਸਾਲਾਨਾ ਉਰਸ

ਫਤਿਹਗੜ੍ਹ ਸਾਹਿਬ, 12 ਅਗਸਤ 2024 : ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ 01 ਤੋਂ 03 ਸਤੰਬਰ ਤੱਕ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਉਰਸ ਦੇ ਮੌਕੇ ਤੇ ਆਉਣ ਵਾਲ਼ੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦੇਸ਼ ਵਿਦੇਸ਼ ਤੋਂ ਇਸ ਉਰਸ 'ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ। ਸ਼੍ਰੀਮਤੀ ਸ਼ੇਰਗਿੱਲ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਉਰਸ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟ੍ਰੈਫਿਕ ਅਤੇ ਵਾਹਨਾਂ ਦੀ ਪਾਰਕਿੰਗ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਆਖਿਆ। ਉਨ੍ਹਾਂ ਜ਼ਿਲ੍ਹਾ ਮੰਡੀ ਅਫਸਰ ਅਤੇ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਰੋਜਾ ਸ਼ਰੀਫ ਅਤੇ ਪਿੰਡ ਬਰਾਸ ਵਿਖੇ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਰੋਜਾ ਸ਼ਰੀਫ ਦੇ ਆਲੇ ਦੁਆਲੇ ਸਾਫ ਸਫਾਈ ਦੇ ਢੁਕਵੇਂ ਪ੍ਰਬੰਧ ਕਰਨ ਅਤੇ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸਵਾਗਤੀ ਕਾਉਂਟਰ ਖੋਲਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੋਜ਼ਾ ਸਰੀਫ ਦੇ ਸਲਾਨਾਂ ਉਰਸ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਲਾਨਾਂ ਉਰਸ ਮੌਕੇ ਆਉਣ ਵਾਲੇ ਸ਼ਰਧਾਲੂਆ ਲਈ ਆਰਜ਼ੀ ਡਿਸਪੈਂਸਰੀਆਂ ਬਣਾਉਣ ਅਤੇ ਮੈਡੀਕਲ ਟੀਮਾਂ ਉਪਲਬਧ ਕਰਵਾਉਣ, ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਰਜ਼ੀ ਪਖਾਨੇ ਬਣਵਾਉਣ ਤੇ ਮੋਬਾਈਲ ਪਖਾਨਿਆਂ ਦਾ ਪ੍ਰਬੰਧ ਕਰਨ ਅਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਉਰਸ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਲਈ ਲੋੜੀਂਦੀਆਂ ਬੱਸਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਡੀ.ਐਸ.ਪੀ. ਸੁਖਰਾਜ ਸਿੰਘ, ਰੋਜ਼ਾ ਸ਼ਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ,ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।