- ਪੁਲਿਸ ਲਾਈਨਜ਼ 'ਚ ਮਨਾਇਆ ਗਿਆ ਪੁਲਿਸ ਸ਼ਹੀਦੀ ਦਿਹਾੜਾ
ਲੁਧਿਆਣਾ, 21 ਅਕਤੂਬਰ : ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਥਾਨਕ ਪੁਲਿਸ ਲਾਈਨਜ਼ ਵਿਖੇ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਸਿੱਧੂ ਵਲੋਂ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਸਾਂਝੇ ਤੌਰ 'ਤੇ ਟਾਕਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ। ਇਸ ਲਈ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾ ਨਹੀਂ ਸਕਦੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ, ਸਾਬਕਾ ਡੀ.ਜੀ.ਪੀ. ਡੀ.ਆਰ. ਭੱਟੀ ਤੋਂ ਇਲਾਵਾ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਪੁਲਿਸ ਕਮਿਸ਼ਨਰ ਸਿੱਧੂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਅਤੇ ਨੀਮ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰੋ.ਡੀ.ਐਸ.ਪੀ. ਰੂਪਦੀਪ ਕੌਰ ਪੀ.ਪੀ.ਐਸ. ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸਹਾਇਕ ਕਮਿਸ਼ਨਰ, ਪੁਲਿਸ, ਸਥਾਨਕ, ਲੁਧਿਆਣਾ ਰਵਿੰਦਰ ਸਿੰਘ ਢਿੱਲੋਂ ਪੀ.ਪੀ.ਐਸ. ਵੱਲੋਂ ਪਿਛਲੇ ਇੱਕ ਸਾਲ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਤੇ ਨੀਮ ਫੌਜੀ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਵੀ ਪੜ੍ਹ ਕੇ ਸੁਣਾਈ ਗਈ। ਪੁਲਿਸ ਕਮਿਸ਼ਨਰ ਸਿੱਧੂ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਦੱਸਦੇ ਹੋਏ ਕਿਹਾ ਕਿ 21 ਅਕਤੂਬਰ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਾਰੇ ਰਾਜਾਂ ਦੀ ਪੁਲਿਸ ਅਤੇ ਦੇਸ਼ ਭਰ ਵਿੱਚ ਨੀਮ ਫੌਜੀ ਬਲਾਂ ਵੱਲੋਂ ਮਨਾਇਆ ਜਾਂਦਾ ਹੈ, ਜਿਨ੍ਹਾਂ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪ੍ਰਿੰਗਜ਼ ਵਿਖੇ ਚੀਨੀ ਫੌਜ ਦੁਆਰਾ ਇੱਕ ਹਮਲੇ ਦੌਰਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਖਾੜਕੂਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅੰਦਰੂਨੀ ਗੜਬੜੀਆਂ ਦਾ ਮੁਕਾਬਲਾ ਕਰਨ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਸ਼ਲਾਘਾ ਕੀਤੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਲੁਧਿਆਣਾ ਪੁਲਿਸ ਦੇ ਕੁੱਲ 117 ਪੁਲਿਸ ਮੁਲਾਜ਼ਮਾਂ ਨੇ ਅੱਤਵਾਦ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਪਰਿਵਾਰਾਂ ਨਾਲ ਖੜੀ ਹੈ, ਜੋ ਕਿ ਲੁਧਿਆਣਾ ਵਿੱਚ ਰਹਿ ਰਹੇ ਹਨ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂਹ ਜੁਆਇੰਟ ਸੀ.ਪੀਜ਼, ਡੀ.ਸੀ.ਪੀਜ਼, ਏ.ਡੀ.ਸੀ.ਪੀਜ਼, ਏ.ਸੀ.ਪੀਜ਼, ਐਸ.ਐਚ.ਓਜ਼, ਪੁਲਿਸ ਮੁਲਾਜ਼ਮ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਸਥਾਨਕ ਪੁਲਿਸ ਲਾਈਨ ਵਿੱਚ ਬਣੀ ਯਾਦਗਾਰ 'ਤੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।