ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸ਼ਿਕਾਇਤ ਲਈ 01639-292843 ਤੇ ਕੀਤਾ ਜਾ ਸਕਦਾ ਹੈ ਸੰਪਰਕ- ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 19 ਮਾਰਚ : ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਸਬੰਧੀ ਨੋਡਲ ਅਫ਼ਸਰ ਫਾਰ ਸ਼ਿਕਾਇਤਾਂ-ਕਮ- ਜ਼ਿਲ੍ਹਾ ਮਾਲ ਅਫ਼ਸਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰ ਤੇ ਸ਼ਿਕਾਇਤ ਸੈਲ ਕਮਰਾ ਨੰਬਰ 247 ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ, ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ, ਸ਼ਿਕਾਇਤ ਜਾਂ ਸੁਝਾਅ ਲਈ ਟੈਲੀਫੋਨ ਨੰਬਰ 01639-292843 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਪਰਕ ਨੰਬਰ 24 ਘੰਟੇ ਐਕਟਿਵ ਰਹੇਗਾ। ਉਨ੍ਹਾਂ ਦੱਸਿਆ ਕਿ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਸੀ.ਵਿਜਲ ਐਪ ਤੇ ਵੀ ਦਰਜ ਕਰਵਾਈ ਜਾ ਸਕਦੀ ਹੈ ਤੇ ਉਸ ਸ਼ਿਕਾਇਤ ਦਾ ਹੱਲ 100 ਮਿੰਟ ਦੇ ਵਿੱਚ ਵਿੱਚ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਜੇਕਰ ਕੋਈ ਵੀ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 1950 ਤੇ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਦਾ ਮੁੱਖ ਮੰਤਵ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਜੋ ਚੋਣਾਂ ਵਿੱਚ ਭਾਗ ਲੈ ਰਹੇ ਹਨ ਉਨ੍ਹਾਂ ਨੂੰ ਬਿਨਾਂ ਕਿਸੇ ਡਰ ਭੈਅ ਜਾਂ ਵੋਟਰਾਂ ਨੂੰ ਲਾਲਚ ਦਿਵਾਏ ਬਿਨਾਂ ਚੋਣਾਂ ਕਰਵਾਉਣਾ ਮੁੱਖ ਮੰਤਵ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਸੁੱਚਜੇ ਢੰਗ ਨਾਲ ਨੇਪਰੇ ਚੜਾਉਣ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ।ਉਹਨਾਂ ਕਿਹਾ ਕਿ ਚੋਣਾਂ ਨੂੰ ਸੁਖਾਲੇ ਢੰਗ ਨਾਲ ਨੇਪਰੇ ਚਾੜਨ ਲਈ ਅਤੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ।