ਸਰਕਾਰ ਦੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਦਿੱਤੇ ਜਾਂਦੇ ਕਰਜ਼ੇ ਦੇ ਕੇਸਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਪਰਨੀਤ ਸ਼ੇਰਗਿੱਲ

  • ਸਮੂਹ ਬੈਂਕ ਛੋਟੇ ਕਰਜ਼ੇ ਦੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕਰਨ ਨੂੰ ਬਣਾਉਣ ਯਕੀਨੀ
  • ਆਰਸੇਟੀ ਦੀ ਤਿਮਾਹੀ ਮੀਟਿੰਗ ਵਿੱਚ ਦਿੱਤੇ ਟੀਚੇ ਤੋਂ ਘੱਟ ਪ੍ਰਾਪਤੀਆਂ ਕਰਨ ਵਾਲੇ ਬੈਂਕਾਂ ਦਾ ਡੀ.ਸੀ. ਨੇ ਲਿਆ ਸਖਤ ਨੋਟਿਸ
  • ਕਰਜ਼ੇ ਦੇ ਕੇਸਾਂ ਨੂੰ ਲਮਾਂ ਸਮਾਂ ਲੰਬਿਤ ਰੱਖਣ ਵਾਲੇ ਬੈਂਕ ਅਧਿਕਾਰੀਆਂ ਬਾਰੇ ਉਚ ਅਧਿਕਾਰੀਆਂ ਨੂੰ ਲਿਖਣ ਦੀ ਕੀਤੀ ਹਦਾਇਤ
  • ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਰਸੇਟੀ ਦੀ ਤਿਮਾਹੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਫ਼ਤਹਿਗੜ੍ਹ ਸਾਹਿਬ, 29 ਅਗਸਤ 2024 : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਰਾਹੀਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਕੀਮਾਂ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ਤੇ ਖੜਾ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜ਼ੋ ਸਾਡੇ ਨੌਜਵਾਨ ਆਪਣੇ ਪੈਰ੍ਹਾਂ ਤੇ ਖੜੇ ਹੋ ਕੇ ਆਪਣਾ ਆਰਥਿਕ ਪੱਧਰ ਉੱਚਾ ਚੁੱਕ ਸਕਣ। ਇਸ ਲਈ ਸਮੂਹ ਵਿਭਾਗ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਵੈ ਰੋਜ਼ਗਾਰ ਸਕੀਮਾਂ ਲਈ ਦਿੱਤੇ ਜਾਣ ਵਾਲੇ ਕਰਜ਼ੇ ਦੇ ਕੇਸਾਂ ਨੂੰ ਬਿਨਾਂ ਕਿਸੇ ਠੋਸ ਕਾਰਨ ਰੱਦ ਨਾ ਕੀਤਾ ਜਾਵੇ ਅਤੇ ਇਨ੍ਹਾਂ ਕਰਜ਼ਿਆਂ ਨੂੰ ਪਾਸ ਕਰਨ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਰਸੇਟੀ ਦੀ ਤਿਮਾਹੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨੂੰ ਦਿੱਤੀਆਂ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਛੋਟੇ ਕਰਜ਼ੇ ਦੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕੀਤਾ ਜਾਵੇ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜ਼ਿਲ੍ਹੇ ਦੇ ਬਹੁਤੇ ਬੈਂਕਾਂ ਨੇ ਦਿੱਤੇ ਗਏ ਟੀਚਿਆਂ ਮੁਤਾਬਕ ਪ੍ਰਾਪਤੀਆਂ ਨਹੀਂ ਕੀਤੀਆਂ ਅਤੇ ਇਨ੍ਹਾਂ ਬੈਂਕਾਂ ਵਿੱਚ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਦਿੱਤੇ ਜਾਣ ਵਾਲੇ ਕਰਜ਼ੇ ਦੇ ਕੇਸਾਂ ਨੂੰ ਬਿਨਾਂ ਕਿਸੇ ਕਾਰਨ ਲੰਬਿਤ ਰੱਖਿਆ ਜਾ ਰਿਹਾ ਹੈ। ਇਸ ਗੱਲ ਦਾ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਸੈਣੀ ਨੂੰ ਕਿਹਾ ਕਿ ਇਨ੍ਹਾਂ ਬੈਂਕ ਅਧਿਕਾਰੀਆਂ ਦੀ ਕਾਰਗੁਜ਼ਾਰੀ ਸਬੰਧੀ ਇਨ੍ਹਾਂ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਦੱਸਿਆ ਜਾਵੇ ਤਾਂ ਜੋ ਅਜਿਹੀ ਅਣਗਹਿਲੀ ਵਿਖਾਉਣ ਵਾਲੇ ਬੈਂਕ ਅਧਿਕਾਰੀਆਂ ਤੇ ਕਾਰਵਾਈ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਜਿਹੜੇ ਸਿਖਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ ਉਨ੍ਹਾਂ ਦੇ ਕਰਜ਼ੇ ਦੇ ਕੇਸ ਵੀ ਬਿਨਾਂ ਕਿਸੇ ਦੇਰੀ ਤੋਂ ਹੱਲ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਆਰਸੇਟੀ ਵੱਲੋਂ ਪਿਛਲੇ ਤਿੰਨ ਮਹੀਨੇ ਦੌਰਾਨ ਦਿਹਾਤੀ ਖੇਤਰ ਦੇ 229 ਨੌਜਵਾਨ ਲੜਕਿਆਂ ਤੇ ਲੜਕੀਆਂ ਨੂੰ ਵੱਖ-ਵੱਖ ਕੋਰਸਾਂ ਦੀ ਸਿਖਲਾਈ ਦਿੱਤੀ ਗਈ ਹੈ ਜਿਨ੍ਹਾਂ ਵਿੱਚੋਂ 28 ਸਿਖਿਆਰਥੀਆਂ ਨੂੰ ਬੈਕਾਂ ਤੋਂ ਕਰਜ਼ੇ ਵੀ ਦਿਵਾਏ ਗਏ ਹਨ। ਇਸ ਸੰਸਥਾ ਵੱਲੋਂ ਦਿਹਾਤੀ ਖੇਤਰ ਦੇ ਪੜ੍ਹੇ ਲਿਖੇ ਬੇਰੋਜ਼ਗਾਰਾਂ ਨੂੰ ਸਵੈ ਰੋਜ਼ਗਾਰ ਦੇ ਯੋਗ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਫਲ ਬਣਾਉਣ ਵਿੱਚ ਬੈਂਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ ਇਸ ਲਈ ਸਮੂਹ ਬੈਂਕ ਅਧਿਕਾਰੀ ਆਰਸੇਟੀ ਦੇ ਕਰਜਾ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਢਿੱਲ ਮੱਠ ਨਾ ਵਿਖਾਉਣ। ਮੀਟਿੰਗ ਵਿੱਚ ਆਰ.ਬੀ.ਆਈ. ਦੇ ਏ.ਜੀ.ਐਮ. ਸ਼੍ਰੀ ਸੰਜੀਵ ਸਿੰਘ, ਨਾਬਾਰਡ ਦੇ ਏ.ਜੀ.ਐਮ. ਸ਼੍ਰੀ ਸੰਜੀਵ ਕੁਮਾਰ, ਆਰਸੇਟੀ ਦੇ ਡਾਇਰੈਕਟਰ ਸ਼੍ਰੀ ਰਾਮ ਲਾਲ ਔਜਲਾ, ਬਾਗਬਾਨੀ ਦੇ ਸ਼੍ਰੀ ਯੁਵਰਾਜ ਸਿੰਘ ਤੋਂ ਇਲਾਵਾ ਸਮੂਹ ਬੈਂਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।