ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗ਼ੈਰ-ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਨੂੰ ਪਹਿਲ ਦੇਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਇਸ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੋਰਡਾਂ ਉਪਰ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਵੱਖ ਵੱਖ ਸਮੇਂ ਤੇ ਪਹਿਲਾਂ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਸਮੂਹ ਸਰਕਾਰੀ ਦਫ਼ਤਰਾਂ / ਵਿਭਾਗਾਂ / ਅਦਾਰਿਆਂ / ਸੰਸਥਾਵਾਂ / ਵਿਦਿਅਕ ਅਦਾਰਿਆਂ / ਬੋਰਡਾਂ / ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ / ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਾਪਰਕ ਅਦਾਰਿਆਂ ਦੇ ਨਾਂ ਅਤੇ ਸੜਕਾਂ ਦੇ ਨਾਂ / ਨਾਂ ਪੱਟੀਆਂ / ਮੀਲ ਪੱਥਰ / ਸਾਈਨ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ ਸਭ ਤੋਂ ਉੱਪਰ ਲਿਖੀ ਜਾਵੇ ਅਤੇ ਪੰਜਾਬੀ ਤੋਂ ਬਾਅਦ ਕਿਸੇ ਹੋਰ ਭਾਸ਼ਾ ਨੂੰ ਲਿਖਿਆ ਜਾ ਸਕਦਾ ਹੈ। ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰਾਜ ਭਾਸ਼ਾ ਐਕਟ ਦੀ ਪਾਲਣਾ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਰਾਜ ਭਾਸ਼ਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।