
- ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ : ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ 13 ਮਾਰਚ 2025 : ਮਾਲੇਰਕੋਟਲਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾ ਹੀ ਸਾਰੇ ਦਫਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ। ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ ਨੂੰ ਯਕੀਨੀ ਦਵਾਇਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ । ਇਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨਾਲ ਸਰਕਾਰ ਵਲੋਂ ਚਲਾਇਆ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲੋਕ ਭਲਾਈ ਸਕੀਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਯੋਗ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਇਸ ਮੌਕੇ ਪ੍ਰਧਾਨ ਫਰੀਡਮ ਫਾਈਟਰਜ, ਉੱਤਰਾਧਿਕਾਰੀ ਸੰਸਥਾ ਪਰਮਜੀਤ ਸਿੰਘ, ਸਕੱਤਰ ਜਗਮੇਲ ਸੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਹਰਜੀਤ ਸਿੰਘ, ਪ੍ਰਗਟ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਹੋਏ ।