ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂਮਾਜਰਾ ਵਿਖੇ ਜਾਗਰੂਕਤਾ ਸਮਾਗਮ

  • ਕ੍ਰਿਸ਼ੀ ਵਿਗਿਆਨ ਕੇਂਦਰ ਦਾ ਉਪਰਾਲਾ
  • ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲੇ
  • ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ

ਫ਼ਤਹਿਗੜ੍ਹ ਸਾਹਿਬ, 10 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਬਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂਮਾਜਰਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਚਲਾਈ ਮੁਹਿੰਮ ਵਿੱਚ ਵਿਦਿਆਰਥੀਆਂ ਦੀ ਭੂਮਿਕਾ ਬਾਰੇ ਦੱਸਿਆ। ਡਾ. ਰਾਮਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਤੱਕ ਦੀ ਸਬਸਿਡੀ 'ਤੇ ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਹਲ਼, ਮਲਚਰ, ਕੱਟਰ ਅਤੇ ਰੋਟਾਵੇਟਰ ਆਦਿ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ। ਡਾ. ਰੀਤ ਵਰਮਾ ਸਹਾਇਕ ਪ੍ਰੌਫੈਸਰ (ਪੌਦ ਸੁਰੱਖਿਆ) ਨੇ ਬੱਚਿਆਂ ਨੂੰ ਖੇਤੀਬਾੜੀ ਵਿਚ ਮਿੱਤਰ ਕੀੜਿਆਂ ਦੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੌਫੈਸਰ (ਗ੍ਰਹਿ ਵਿਗਿਆਨ) ਨੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਕੂਲ ਦੇ ਪ੍ਰਿੰਸੀਪਲ ਸ. ਮੋਹਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਚਲਾਈ ਗਈ ਮੁਹਿੰਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀਮਤੀ ਸੁਜਾਤਾ ਸ਼ਰਮਾ ਅਤੇ ਸ. ਹਰਜਤਿੰਦਰ ਸਿੰਘ, ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੀ ਹਾਜ਼ਰ ਸਨ।