- ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-2 ਦੇ ਬਲਾਕ ਪੱਧਰੀ ਮੁਕਾਬਲੇ ਅੱਜ ਤੋਂ ਹੋਣਗੇ ਸ਼ੁਰੂ
- ਕਾਰਜ ਸਾਧਕ ਅਫਸਰਾਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਖੇਡਾਂ ਵਾਲੇ ਸਥਾਨਾਂ ਦੀ ਸਾਫ ਸਫਾਈ ਤੇ ਫੌਗਿੰਗ ਕਰਵਾਉਣ ਦੇ ਆਦੇਸ਼
- ਖਿਡਾਰੀਆਂ ਦੇ ਰਹਿਣ ਲਈ ਸੁਚੱਜੇ ਪ੍ਰਬੰਧ ਕਰਨ ਵਾਸਤੇ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ
- ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-2 ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 31 ਅਗਸਤ : ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜ਼ਨ ਦੀ ਸਫਲਤਾ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-2 ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਨ੍ਹਾਂ ਖੇਡਾਂ ਦੇ ਬਲਾਕ ਪੱਧਰੀ ਮੁਕਾਬਲੇ 01 ਤੋਂ 09 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ 16 ਤੋਂ 19 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਤੇ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਫੈਨਸਿੰਗ ਖੇਡ ਦੇ ਮੁਕਾਬਲੇ 20 ਤੋਂ 25 ਅਕਤੂਬਰ ਤੱਕ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਇਨਡੋਰ ਸਟੇਡੀਅਮ ਵਿਖੇ ਕਰਵਾਏ ਜਾਣਗੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਪੱਧਰੀ ਖੇਡਾਂ ਲਈ 15 ਅਕਤੂਬਰ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਬਲਾਕ ਸਰਹਿੰਦ ਦੀਆਂ ਖੇਡਾਂ 01 ਤੋਂ 03 ਸਤੰਬਰ ਤੱਕ, ਬਸੀ ਪਠਾਣਾ ਤੇ ਖੇੜਾ ਬਲਾਕ ਦੀਆਂ ਖੇਡਾਂ 04 ਤੋਂ 06 ਸਤੰਬਰ ਤੱਕ, ਬਲਾਕ ਖਮਾਣੋਂ ਦੀਆਂ ਖੇਡਾਂ 07 ਤੋਂ 09 ਸਤੰਬਰ ਤੱਕ ਅਤੇ ਬਲਾਕ ਅਮਲੋਹ ਦੀਆਂ ਖੇਡਾਂ 07 ਤੋਂ 08 ਸਤੰਬਰ ਤੱਕ ਕਰਵਾਈਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਦੇ ਜੇਤੂ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਹੋਰ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਖਿਡਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਵੱਖ-ਵੱਖ ਥਾਵਾਂ ਤੇ ਕੀਤਾ ਜਾਵੇਗਾ ਤਾਂ ਜੋ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਇੰਨਡੋਰ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਫੈਨਸਿੰਗ ਦੇ ਮੁਕਾਬਲਿਆਂ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਕੀਤੇ ਜਾਣ । ਉਨ੍ਹਾਂ ਕਾਰਜ ਸਾਧਕ ਅਫਸਰਾਂ ਨੂੰ ਸ਼ਹਿਰੀ ਖੇਤਰ ਵਿੱਚ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਪੇਂਡੂ ਖੇਤਰ ਦੇ ਖੇਡ ਮੈਦਾਨਾਂ ਵਿੱਚ ਸਾਫ ਸਫਾਈ ਦਾ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ ਅਤੇ ਮੱਛਰ ਮਾਰਨ ਵਾਲੀ ਦਵਾਈ ਦਾ ਸਪਰੇਅ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖਿਡਾਰੀਆਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇ ਅਤੇ ਲੋੜ ਅਨੁਸਾਰ ਐਂਬੂਲੈਂਸਾਂ ਵੀ ਲਗਾਈਆਂ ਜਾਣ ਤਾਂ ਜੋ ਕਿਸੇ ਐਮਰਜੰਸੀ ਦੀ ਹਾਲਤ ਵਿੱਚ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਰਜੀ ਪਖਾਨਿਆਂ ਦਾ ਪ੍ਰਬੰਧ ਕਰਨ, ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਾਰਜ ਸਾਧਕ ਅਫਸਰਾਂ ਨਾਲ ਤਾਲਮੇਲ ਕਰਕੇ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਖੇਡਾਂ ਕੰਡਕਟ ਕਰਵਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਾਰਜ ਸਾਧਕ ਅਫਸਰਾਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟਰੇਸ਼ਨ ਲਈ ਜਾਗਰੂਕ ਕਰਨ ਵਾਸਤੇ ਵੀ ਕਿਹਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਪੀ.ਸੀ.ਐਸ. ਅਧਿਕਾਰੀ ਮਨਦੀਪ ਕੌਰ, ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸ਼੍ਰੀ ਸੰਗੀਤ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।