ਫ਼ਤਹਿਗੜ੍ਹ ਸਾਹਿਬ, 25 ਅਗਸਤ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਦੀ ਅਗਵਾਈ ਹੇਠ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਵਾਸਤੇ ਵਿਸ਼ੇਸ਼ ਕੈਂਪ ਲਗਾਇਆ ਗਿਆ । ਜਿਸ ਵਿੱਚ ਜ਼ਿਲ੍ਹੇ ਦੇ ਵੱਡੀ ਗਿਣਤੀ ਆਂਗਨਵਾੜੀ ਵਰਕਰਾਂ ਨੇ ਭਾਗ ਲਿਆ। ਇਸ ਕੈਂਪ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ: ਮਨੀਸ਼ਾ ਭਾਟੀਆਂ ਨੇ ਕਿਹਾ ਕਿ ਸੰਤੁਲਿਤ ਖੁਰਾਕ ਹਰੇਕ ਵਰਗ ਅਤੇ ਉਮਰ ਲਈ ਬਹੁਤ ਜਰੂਰੀ ਹੈ ਅਤੇ ਗਰਭ ਅਵਸਥਾ ਵਿੱਚ ਇਸ ਦਾ ਮਹੱਤਵ ਹੋਰ ਵੀ ਵੱਧ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੀਵਨ ਸ਼ੈਲੀ ਵਿੱਚ ਬਦਲਾਅ ਹੋਣ ਕਾਰਨ ਸ਼ਰੀਰ ਦੀਆਂ ਖੁਰਾਕੀ ਲੋੜਾਂ ਵਿੱਚ ਵੀ ਬਦਲਾਅ ਆ ਰਿਹਾ ਹੈ, ਇਸ ਲਈ ਲੋਕਾਂ ਨੂੰ ਸੰਤੁਲਿਤ ਖੁਰਾਕ ਬਾਰੇ ਜਾਗਰੂਕ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਬਾਰੇ ਜਾਗਰੂਕ ਕਰਨ ਵਿੱਚ ਆਂਗਨਵਾੜੀ ਵਰਕਰ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਦਿੱਤੇ ਜਾਣ ਵਾਲੇ ਭੋਜਨ ਸਬੰਧੀ ਸਿਫਾਰਸ਼ਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਅਨੀਮੀਆ ਦੇ ਕਾਰਨ ਅਤੇ ਲੱਛਣਾ ਬਾਰੇ ਵੀ ਦੱਸਿਆ। ਕੈਂਪ ਦੌਰਾਨ ਅਨੀਮਿਆ ਪ੍ਰਬੰਧਨ ਵਿੱਚ ਖੁਰਾਕ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ। ਡਾ: ਮਨੀਸ਼ਾ ਭਾਟੀਆ ਨੇ ਗਰਭ ਅਵਸਥਾ, ਦੁੱਧ ਪਿਲਾਉਣ ਵਾਲੀਆਂ ਔਰਤਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਦਿੱਤੇ ਜਾਣ ਵਾਲੀ ਖੁਰਾਕ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਕੈਂਪ ਦੌਰਾਨ ਅਜੋਕੇ ਸਮੇਂ ਅੰਦਰ ਬੱਚਿਆਂ ਵਿੱਚ ਵੱਧ ਰਹੀ ਮੋਬਾਇਲ ਦੀ ਵਰਤੋਂ ਅਤੇ ਉਸ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਚਰਚਾ ਕੀਤੀ ਗਈ।