- ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ, 18 ਫਰਵਰੀ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮੰਤਵ ਨਾਲ ਫੇਸਬੁੱਕ ਉੱਤੇ ਪੋਸਟ ਪਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਥਾਣਾ ਸ਼ਿਮਲਾਪੁਰੀ ਵਿਖੇ ਧਾਰਾ 295 ਏ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਕੌਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਵਲੋਂ ਚਿਮਟਾ ਯੋਗੀ ਦਾ ਫੇਸਬੁੱਕ ਆਈ.ਡੀ. ਰਾਹੀਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੀ ਵੀਡੀਓ ਪੋਸਟ ਕੀਤੀ ਗਈ ਸੀ ਜਿਸ ਨਾਲ ਬਾਬਾ ਬਾਲਕ ਨਾਥ ਜੀ ਨੂੰ ਮੰਨਣ ਵਾਲੇ ਸ਼ਰਧਾਲੂਆਂ ਵਿੱਚ ਕਾਫੀ ਰੋਸ਼ ਪਾਇਆ ਗਿਆ ਹੈ। ਵਲੋਂ ਵਿਧਾਇਕ ਸਿੱਧੂ ਵਲੋਂ ਤੁਰੰਤ ਮਾਮਲਾ ਪੁਲਿਸ ਕਮਿਸਨਰ ਲੁਧਿਆਣਾ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ *ਤੇ ਕਮਿਸ਼ਨਰ ਲੁਧਿਆਣਾ ਨੇ ਕਾਰਵਾਈ ਕਰਦੇ ਹੋਏ ਉਕਤ ਮੁਲਜਮ *ਤੇ ਧਾਰਾ 295 ਏ ਤਹਿਤ ਮਾਮਲਾ ਦਰਜ਼ ਕਰਵਾਇਆ ਗਿਆ। ਵਿਧਾਇਕ ਸਿੱਧੂ ਨੇ ਅੱਗੇ ਕਿਹਾ ਕਿ ਸਾਨੂੰ ਸਾਰੇ ਧਰਮਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਹ ਘਿਨੌਣੀ ਹਰਕਤ ਕਰਨ ਵਾਲਾ ਮੁਲਜ਼ਮ ਜਲਦ ਸਲਾਖਾਂ ਦੇ ਪਿੱਛੇ ਹੋਵੇਗਾ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਭੈਅ ਮੁਕਤ, ਭ੍ਰਿਸ਼ਟਾਚਾਰ ਮੁਕਤ, ਨਸ਼ਾ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਦੇਣ ਲਈ ਵਚਨਬੱਧ ਹੈ।