ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸ਼੍ਰੀਮਤੀ ਗੋਇਲ ਨੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ

  • ਕੈਂਪ ਕੋਰਟ ਦੌਰਾਨ ਦੋ ਕੈਦੀਆਂ ਦੀ ਰਿਹਾਈ ਦੇ ਆਦੇਸ਼ ਜਾਰੀ ਕੀਤੇ

ਫਤਹਿਗੜ੍ਹ ਸਾਹਿਬ, 28 ਅਗਸਤ 2024 : ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੇ ਨਿਰਦੇਸ਼ ਹੇਠ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਜੇਲ੍ਹ ਅਧਿਕਾਰੀਆਂ ਦੇ ਨਾਲ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਜੇਲ੍ਹ ਵਿੱਚ ਬੰਦ ਜਿਲ੍ਹੇ ਦੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਦੀਆਂ ਨੂੰ ਰੋਜ਼ਾਨਾ ਆਉਣ ਵਾਲੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹ ਵਿੱਚ ਸਾਫ-ਸਫਾਈ ਦਾ ਵਿਸ਼ੇਸ਼ ਤੌਰ ਤੇ ਖਿਆਲ ਰੱਖਿਆ ਜਾਵੇ ਕਿਉਂਕਿ ਬਰਸਾਤ ਦੇ ਮੌਸਮ ਵਿੱਚ ਗੰਦਗੀ ਤੋਂ ਕਈ ਤਰ੍ਹਾਂ ਦੇ ਬੈਕਟੀਰੀਆ ਪੈਦਾ ਹੁੰਦੇ ਹਨ ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ। ਸ਼੍ਰੀਮਤੀ ਗੋਇਲ ਵੱਲ੍ਹੋਂ ਕੈਦੀਆਂ ਲਈ ਬਣੇ ਪਖਾਨੇ, ਇਸ਼ਨਾਨ-ਘਰ, ਲੰਗਰ-ਘਰ ਅਤੇ ਪੀਣ ਵਾਲੇ ਪਾਣੀ ਦੇ ਸਰੋਤਾਂ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜੇਲ੍ਹ ਦੇ ਸਬੰਧਤ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਾਫ-ਸਫਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਇਸ ਮੌਕੇ ਲੰਗਰ ਘਰ ਵਿੱਚ ਕੈਦੀਆਂ ਲਈ ਬਣ ਰਹੇ ਖਾਣੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਇਸ ਮੌਕੇ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ ਅਤੇ ਕੈਦੀਆਂ ਨੂੰ ਦਿੱਤੀਆਂ ਜਾਂਦੀਆਂ ਮੁਫਤ ਵਕੀਲ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਨੇ ਜੇਲ੍ਹ ਵਿੱਚ ਕੈਂਪ ਕੋਰਟ ਲਗਾਈ, ਜਿਸ ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ 2 ਰੇਲਵੇ ਐਕਟ ਅਤੇ 1 ਚੋਰੀ ਦੇ ਕੇਸਾਂ ਦੀ ਸੁਣਵਾਈ ਹੋਈ ਅਤੇ ਤਿੰਨੇ ਕੇਸਾਂ ਦੇ ਨਾਲ ਸਬੰਧਤ ਦੋ ਹਵਾਲਾਤੀਆਂ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ।