- ਬਾਲ ਮਜਦੂਰੀ ਰੋਕਣ ਲਈ ਬਣਾਈ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੇ ਕੀਤੀ ਅਚਨਚੇਤ ਚੈਕਿੰਗ
ਫ਼ਤਹਿਗੜ੍ਹ ਸਾਹਿਬ, 16 ਜੂਨ : ਪੰਜਾਬ ਸਰਕਾਰ ਵੱਲੋਂ ਬਾਲ ਮਜਦੂਰੀ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਬਣਾਈ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਬਾਲ ਮਜਦੂਰੀ ਨਾ ਕਰਵਾਉਣ ਬਾਰੇ ਦੁਕਾਨਦਾਰਾਂ ਤੇ ਫੈਕਟਰੀ ਮਾਲਕਾਂ ਨੂੰ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਬਾਲ ਮਜਦੂਰੀ ਕਰਵਾਉਣਾ ਗੈਰ ਕਾਨੂੰਨੀ ਤੇ ਸਜ਼ਾਯੋਗ ਅਪਰਾਧ ਹੈ ਅਤੇ ਬਾਲ ਮਜਦੂਰੀ ਕਰਵਾਉਣਾ ਬੱਚਿਆਂ ਤੇ ਸੰਵਿਧਾਨਕ ਹੱਕ ਨੂੰ ਦੱਬਣ ਵਾਂਗ ਹੈ। ਉਨ੍ਹਾਂ ਦੱਸਿਆ ਕਿ ਬਾਲ ਮਜਦੂਰੀ ਰੋਕਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਇੱਕ ਐਕਸ਼ਨ ਪਲਾਨ ਤਿਆਰ ਕਰਕੇ ਅਚਨਚੇਤ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਸਰਹਿੰਦ ਬਲਾਕ ਦੇ ਪਿੰਡ ਬਡਾਲੀ ਆਲਾ ਸਿੰਘ ਅਤੇ ਅਮਲੋਹ ਵਿਖੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਕਪੜੇ ਬਣਾਉਣ ਦਾ ਕੰਮ ਕਰਨ ਵਾਲੇ ਐਕਟਿਵਾ ਕੰਪਨੀ ਦੀ ਚੈਕਿੰਗ ਕੀਤੀ ਗਈ ਅਤੇ ਬਡਾਲੀ ਆਲਾ ਸਿੰਘ ਚ ਪੈਂਦੇ ਢਾਬਿਆਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਬੱਚਾ ਮਜਦੂਰੀ ਕਰਦਾ ਨਹੀਂ ਪਾਇਆ ਗਿਆ। ਉਨ੍ਹਾਂ ਆਮ ਲੋਕਾਂ ਨੁੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਧਰੇ ਕੋਈ ਬੱਚਾ ਬਾਲ ਮਜਦੂਰੀ ਕਰਦਾ ਮਿਲਦਾ ਹੈ ਤਾਂ ਚਾਈਲਡ ਹੈਲਪ ਲਾਇਨ ਨੰ: 1098 ਤੇ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ। ਇਸ ਮੌਕੇ ਲੇਬਰ ਇੰਸਪੈਕਟਰ ਕਰਮਜੀਤ ਸਿੰਘ ਨੇ ਆਮ ਲੋਕਾਂ ਨੂੰ ਬਾਲ ਮਜਦੂਰੀ ਬਾਰੇ ਜਾਗਰੂਕ ਕਰਦੇ ਹੋਏ ਦੱਸਿਆ ਕਿ 14 ਸਾਲ ਤੋਂ ਵੱਧ ਉਮਰ ਦਾ ਬੱਚਾ ਗੈਰ ਖ਼ਤਰਨਾਕ ਜਗ੍ਹਾ ਤੇ ਕੰਮ ਕਰ ਸਕਦਾ ਹੈ ਪ੍ਰੰਤੂ ਉਹ ਸਕੂਲ ਵਿੱਚ ਵੀ ਜਾਂਦਾ ਹੈ ਅਤੇ ਐਕਟ ਦੀਆਂ ਸ਼ਰਤਾਂ ਵੀ ਪੂਰੀਆਂ ਹੁੰਦੀਆਂ ਹੋਣ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਨੂੰ ਬਾਲ ਮਜਦੂਰੀ ਰੋਕਣ ਲਈ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਗਰੂਕਤਾ ਸਮਾਗਮ ਕਰਵਾ ਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਬ ਇੰਸਪੈਕਟਰ ਰਮਨਦੀਪ ਕੌਰ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਿੰਦਰਪਾਲ ਸਿੰਘ, ਏ.ਐਸ.ਆਈ. ਬਰਿੰਦਰ ਸਿੰਘ, ਅਪਾਰ ਸਿੰਘ, ਸੁਖਵਿੰਦਰ ਸਿੰਘ, ਕਾਂਊਸਲਰ ਅਨਿਲ ਕੁਮਾਰ ਅਤੇ ਗੁਰਸ਼ਰਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।