ਜ਼ਿਲ੍ਹੇ ਦੇ ਨਾਗਰਿਕ ਹੈਲਪ ਲਾਈਨ ਨੰਬਰ 1100 'ਤੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਕਰਵਾ ਸਕਦੇ ਹਨ ਦਰਜ - ਡਿਪਟੀ ਕਮਿਸ਼ਨਰ

  • ਵਟਸਐਪ ਨੰਬਰ 98555-010 76 'ਤੇ ਵੀ ਆਨਲਾਈਨ ਦਰਜ਼ ਕਰਵਾਈ ਜਾ ਸਕਦੀ ਹੈ ਸ਼ਿਕਾਇਤ

ਸ੍ਰੀ ਫ਼ਤਹਿਗੜ੍ਹ ਸਾਹਿਬ, 17 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਹੈਲਪ ਲਾਇਨ ਨੰਬਰ 1100 ਜਾਰੀ ਕੀਤਾ ਗਿਆ ਹੈ ਜਿਸ ਰਾਹੀਂ ਕੋਈ ਵੀ ਨਾਗਰਿਕ ਸਰਕਾਰੀ ਵਿਭਾਗਾਂ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਦਰਜ਼ ਕਰਵਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸਮਾਂ ਬੱਧ, ਪਾਰਦਰਸ਼ੀ ਅਤੇ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਵਿਭਾਗ ਨਾਲ ਸਬੰਧਤ ਕੋਈ ਸ਼ਿਕਾਇਤ ਹੈ ਤਾਂ ਹੈਲਪਲਾਈਨ ਨੰਬਰ 1100 'ਤੇ ਇਸ ਬਾਰੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ 'ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਟਸਐਪ ਨੰਬਰ 98555-010 76 ਵੀ ਜਾਰੀ ਕੀਤਾ ਹੈ ਜਿਸ ਉਤੇ ਨਾਗਰਿਕ ਵਲੋਂ ਕਿਸੇ ਵੀ ਸ਼ਿਕਾਇਤ ਨੂੰ ਆਨਲਾਇਨ ਹੀ ਦਰਜ ਕਰਵਾਇਆ ਜਾ ਸਕਦਾ ਹੈ।