ਸਵੀਪ ਗਤੀਵਿਧੀਆਂ ਤਹਿਤ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਸੰਗਰੂਰ, 11 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਸੰਬੰਧੀ ਜਾਗਰੂਕ ਕਰਨ ਦੇ ਲਈ ਵੱਖ ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਤਹਿਤ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਧਾਨ ਸਭਾ ਹਲਕਾ ਧੂਰੀ ਦੇ ਸਵੀਪ ਨੋਡਲ ਅਫਸਰ ਯਸ਼ਪਾਲ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ। ਸਵੀਪ ਨੋਡਲ ਅਫਸਰ(ਸਕੂਲ) ਰਾਕੇਸ਼ ਗਰਗ ਨੇ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਵੀ ਦਿੱਤੀ। ਚਾਰਟ ਮੇਕਿੰਗ ਮੁਕਾਬਲਿਆਂ ਵਿੱਚ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਟਰਾਫੀਆਂ ਦੇ ਕੇ ਕੀਤਾ ਗਿਆ। ਸੰਸਥਾ ਦੇ ਸਵੀਪ ਇੰਚਾਰਜ ਗੁਰਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਅਤੇ ਉਹਨਾਂ ਦੇ ਇੰਸਟੀਚਿਊਟ ਦੇ ਸਮੂਹ ਵਿਦਿਆਰਥੀ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਭਰਵੀਂ ਸ਼ਮੂਲੀਅਤ ਕਰਨਾ ਯਕੀਨੀ ਬਣਾਉਣਗੇ।