ਫ਼ਤਹਿਗੜ੍ਹ ਸਾਹਿਬ, 06 ਜੂਨ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੋਰਜ਼ਗਾਰ ਨੌਜਵਾਨਾਂ ਤੇ ਔਰਤਾਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ 12 ਜੂਨ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਉਮੀਦਵਾਰਾਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ) ਵਿਖੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਲਈ ਵਿਭਾਗ ਵੱਲੋਂ 2,5, 10 ਅਤੇ 20 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਆਮ ਵਰਗ ਦੇ ਨੌਜਵਾਨਾਂ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਉਮੀਦਵਾਰਾਂ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ ਘੱਟ ਪੰਜਵੀ ਪਾਸ ਹੋਣਾ ਚਾਹੀਦਾ ਹੈ ਅਤੇ ਉਸ ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਮੀਦਵਾਰ ਦਿਹਾਤੀ ਖੇਤਰ ਦਾ ਵਸਨੀਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋ ਹਫਤੇ ਦੇ ਸਿਖਲਾਈ ਕੋਰਸ ਵਿੱਚ ਭਾਗ ਲੈਣ ਦੇ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ ਸਾਇਜ ਫੋਟੋ ਲੈ ਕੇ ਉਨ੍ਹਾਂ ਦੇ ਦਫ਼ਤਰ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਿਖਲਾਈ ਲਈ 08 ਜੂਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ਕਮਰਾ ਨੰ: ਨੰ 406, ਵਿੱਚ ਸਥਿਤ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿਖੇ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ।