ਪਟਿਆਲਾ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਨਰੋਈ ਸਿਹਤ ਪ੍ਰਤੀ ਜਾਗਰੂਕਤਾ ਲਈ ਸਾਇਕਲੋਥੌਨ

  • ਡੀ.ਆਈ.ਜੀ. ਭੁੱਲਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਕਿਹਾ ਸਾਰਾ ਪੰਜਾਬ ਨਹੀਂ ਨਸ਼ੇੜੀ
  • ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜੀ, ਮੰਗ ਖ਼ਤਮ ਕਰਨ ਲਈ ਸਮਾਜ ਸਹਿਯੋਗ ਕਰੇ- ਡੀ.ਆਈ.ਜੀ. ਭੁੱਲਰ
  • ਡੀ.ਸੀ., ਐਸ.ਐਸ.ਪੀ., ਸਕੂਲਾਂ ਦੇ ਵਿਦਿਆਰਥੀਆਂ ਸਮੇਤ ਪਟਿਆਲਵੀਆਂ ਨੇ ਚਲਾਇਆ ਸਾਇਕਲ

ਪਟਿਆਲਾ, 04 ਸਤੰਬਰ 2024 : ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਹੈ ਕਿ ਸਾਡਾ ਸਾਰਾ ਪੰਜਾਬ ਨਸ਼ੇੜੀ ਨਹੀਂ ਹੈ, ਇਸ ਲਈ ਨਸ਼ੇ 'ਚ ਗਲਤਾਨ ਕੇਵਲ ਇੱਕ-ਦੋ ਫ਼ੀਸਦੀ ਲੋਕਾਂ ਕਰਕੇ ਸਮੁੱਚੇ ਪੰਜਾਬੀਆਂ ਦੀ ਗ਼ਲਤ ਤਸਵੀਰ ਪੇਸ਼ ਨਾ ਕੀਤੀ ਜਾਵੇ। ਉਹ ਪੁਲਿਸ ਲਾਈਨ ਵਿਖੇ ਪਟਿਆਲਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਨਰੋਈ ਸਿਹਤ ਪ੍ਰਤੀ ਜਾਗਰੂਕਤਾ ਲਈ ਕਰਵਾਈ ਗਈ ਸਾੲਇਕਲੋਥੌਨ-2024 ਨੂੰ ਹਰੀ ਝੰਡੀ ਦੇਣ ਮੌਕੇ ਸੰਬੋਧਨ ਕਰ ਰਹੇ ਸਨ। ਡੀ.ਆਈ.ਜੀ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਚੇਨ ਤੋੜ ਦਿੱਤੀ ਹੈ, ਇਸ ਲਈ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਸਮਾਜ ਸਹਿਯੋਗ ਕਰੇ। ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆ ਜਾ ਰਹੀਆਂ ਹਨ ਤੇ ਇਕੱਲੇ ਪਟਿਆਲਾ ਜ਼ਿਲ੍ਹੇ ਅੰਦਰ ਹੀ 25 ਨਸ਼ਾ ਤਸਕਰਾਂ ਦੀ ਅੱਠ ਕਰੋੜ ਦੇ ਕਰੀਬ ਜਾਇਦਾਦ ਅਟੈਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਪੇ ਤੇ ਅਧਿਆਪਕ ਵੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਦੇ ਉਪਰਾਲੇ ਖੇਡਾਂ ਵਤਨ ਪੰਜਾਬ ਦੀਆਂ 'ਚ ਲਗਾਉਣ ਲਈ ਆਪਣੀ ਭੂਮਿਕਾ ਨਿਭਾਉਣ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਨਸ਼ਿਆਂ ਤੋਂ ਬਚਣ ਲਈ ਖੇਡਾਂ ਦੀ ਅਹਿਮ ਭੂਮਿਕਾ ਹੈ, ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਹਨ, ਇਸ ਲਈ ਸਾਰੇ ਸਮਾਜ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਨਸ਼ਿਆਂ ਦੀ ਬੁਰਾਈ ਵਿਰੁੱਧ ਲਾਮਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਬੁਰੀ ਸੰਗਤ ਤੋਂ ਬਚਕੇ ਨਸ਼ਿਆਂ ਤੋਂ ਰਹਿਤ ਰਹਿ ਸਕਦੇ ਹਨ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਨਸ਼ਿਆਂ ਦੀ ਲਤ ਨੂੰ ਇੱਕ ਗੰਭੀਰ ਬਿਮਾਰੀ ਦੱਸਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਨਸ਼ਿਆਂ ਦੇ ਸ਼ਿਕਾਰ ਵਿਅਕਤੀਆਂ ਦੇ ਇਲਾਜ ਲਈ ਪੂਰਾ ਸਹਿਯੋਗ ਕਰ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਡਾ. ਨਾਨਕ ਸਿੰਘ ਨੇ ਕਿਹਾ ਕਿ 15 ਤੋਂ 35 ਸਾਲ ਦੀ ਉਮਰ ਤੱਕ ਨਸ਼ਿਆਂ ਦੀ ਲਤ ਲੱਗਣ ਦਾ ਖ਼ਤਰਾ ਸਭ ਤੋਂ ਜਿਆਦਾ ਹੁੰਦਾ ਹੈ, ਇਸ ਲਈ ਨੌਜਵਾਨ ਕਿਸੇ ਵੀ ਤਰ੍ਹਾਂ ਦੀ ਦੋਸਤੀ ਦੇ ਵਾਸਤੇ ਪਾ ਕੇ ਨਸ਼ੇ ਦੀ ਲਤ ਲਗਾਉਣ ਵਾਲੇ ਤੋਂ ਦੂਰ ਰਹਿਕੇ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ। ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਅਤੇ ਨਰੋਈ ਸਿਹਤ ਲਈ ਸਾਇਕਲੋਥੌਨ 'ਚ ਸਰਕਾਰੀ ਸਕੂਲ ਆਫ਼ ਐਮੀਨੈਂਸ ਫੀਲਖਾਨਾ, ਤ੍ਰਿਪੜੀ, ਸਿਵਲ ਲਾਈਨ, ਪੁਰਾਣੀ ਪੁਲਿਸ ਲਾਈਨਜ਼, ਅਨਾਰਦਾਣਾ ਚੌਂਕ ਤੇ ਸਨੌਰੀ ਗੇਟ ਸਕੂਲਾਂ ਸਮੇਤ ਮਲਟੀਪਰਪਜ ਸਕੂਲ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਸਾਇਕਲ ਚਲਾਇਆ। ਇਸ ਦੌਰਾਨ ਛੋਟੀ ਉਮਰ ਦੀ ਕੌਮੀ ਸਾਇਕਲਿਸਟ ਰਾਵੀ ਬਦੇਸ਼ਾ, ਅਜੇਪਾਲ ਸਿੰਘ, ਹੁਸਨਪ੍ਰੀਤ ਸਿੰਘ ਤੇ ਇੰਟਰਨੈਸ਼ਨਲ ਸਾਇਕਲਿਸਟ ਜਗਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਜਦੋਂਕਿ ਪਲੇਅ ਵੇਅਜ ਸਕੂਲ ਦੇ ਡਾਇਰੈਕਟਰ ਰਾਜਦੀਪ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ 'ਤੇ ਕੋਰੀਓਗ੍ਰਾਫ਼ੀ ਤੇ ਬੈਂਡ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਸੈਸ਼ਨਜ ਜੱਜ ਤੇ ਇੰਡਸਟ੍ਰੀਅਲ ਟ੍ਰਿਬਿਊਨਲ ਦੇ ਪ੍ਰੀਜਾਇਡਿੰਗ ਅਫ਼ਸਰ ਡਾ. ਤੇਜਵਿੰਦਰ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰਸਟ ਨਾਭਾ ਦੇ ਚੇਅਰਮੈਨ ਸੁਰਿੰਦਰਪਾਲ ਸਿੰਗਲਾ, ਅੰਗਰੇਜ ਸਿੰਘ ਰਾਮਗੜ੍ਹ, ਐਸ.ਪੀ. ਸਿਟੀ ਸਰਫਰਾਜ ਆਲਮ, ਏ.ਡੀ.ਸੀ. (ਜ) ਕੰਚਨ, ਏਐਸਪੀ ਸਿਟੀ-1 ਵੈਭਵ ਚੌਧਰੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਮਨੋਜ ਗੋਰਸੀ, ਸੁਖਦੇਵ ਸਿੰਘ, ਗੁਰਦੇਵ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਟਿਵਾਣਾ, ਅੱਛਰੂ ਰਾਮ ਸ਼ਰਮਾ, ਗੁਰਪ੍ਰਤਾਪ ਸਿੰਘ ਢਿੱਲੋਂ, ਹਰਮਨਦੀਪ ਸਿੰਘ ਚੀਮਾ (ਸਾਰੇ ਡੀ.ਐਸ.ਪੀਜ) ਪ੍ਰਦੀਪ ਬਾਜਵਾ, ਸੁਖਵਿੰਦਰ ਸਿੰਘ ਗਿੱਲ, ਗਗਨਦੀਪ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਭਗਵਾਨ ਸਿੰਘ ਲਾਡੀ (ਸਾਰੇ ਇੰਸਪੈਕਟਰਜ) ਵੀ ਹਾਜ਼ਰ ਸਨ। ਪਟਿਆਲਾ ਪੁਲਿਸ ਵੱਲੋਂ ਕਰਵਾਈ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਵਿਚ ਸਮਾਜ ਸੇਵੀ ਸੰਸਥਾਵਾਂ ਭਾਰਤ ਵਿਕਾਸ ਪ੍ਰੀਸ਼ਦ ਪਟਿਆਲਾ, ਯੂਥ ਫੈਡਰੇਸ਼ਨ ਆਫ ਇੰਡੀਆ ਤੇ ਪਾਵਰ ਹਾਊਸ ਯੂਥ ਕਲੱਬ ਦੇ ਵਲੰਟੀਅਰਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਨੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਸਟੇਟ ਐਵਾਰਡੀ ਰੁਪਿੰਦਰ ਕੌਰ ਤੇ ਰੁਦਰਪ੍ਰਤਾਪ ਸਿੰਘ ਤੋਂ ਇਲਾਵਾ ਸੀਏ ਮੋਹਿਤ ਕੁਮਾਰ, ਹਰਿੰਦਰ ਗੁਪਤਾ, ਸੀਮਾ ਜੋਸ਼ੀ, ਰਹਿਤ ਸਿੰਗਲਾ, ਆਰ.ਐਮ. ਬਾਂਸਲ, ਮੁਕੇਸ਼ ਸਿੰਗਲਾ ਆਦਿ ਨੇ ਵੀ ਸਹਿਯੋਗ ਦਿੱਤਾ।