ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਇਨਸਾਫ 'ਚ ਦੇਰੀ ਸੂਬੇ ਦੀ ਸ਼ਾੰਤੀ ਤੇ ਬੁਰਾ ਅਸਰ ਪਾ ਰਹੀ ਹੈ : ਬਾਜਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਲੰਬਿਤ ਜਾਂਚ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਇਹ ਵੀ ਮੰਗ ਕੀਤੀ ਕਿ ਬਿਨਾਂ ਭੜਕਾਹਟ ਵਾਲੀ ਪੁਲਿਸ ਗੋਲੀਬਾਰੀ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ, ਭਗਵਾਨ ਸਿੰਘ ਪੁੱਤਰ ਸੁਖਰਾਜ ਸਿੰਘ ਇਨਸਾਫ਼ ਦੀ ਮੰਗ ਨੂੰ ਲੈ ਕੇ ਬਹਿਬਲ ਕਲਾਂ ਵਿੱਚ ਧਰਨੇ ’ਤੇ ਬੈਠੇ ਨੂੰ ਕਰੀਬ 292 ਦਿਨ ਹੋ ਗਏ ਹਨ।  ਭਗਵੰਤ ਮਾਨ ਸਰਕਾਰ ਇਸ ਸਬੰਧੀ ਕੋਈ ਠੋਸ ਕਦਮ ਚੁੱਕਣ ਵਿੱਚ ਨਾਕਾਮ ਰਹੀ ਹੈ। ਅਤੇ ਇਹ ਦੇਰੀ ਸੂਬੇ ਦੀ ਸ਼ਾੰਤੀ ਤੇ ਬੁਰਾ ਅਸਰ ਪਾ ਰਹੀ ਹੈ। ਬਾਜਵਾ ਨੇ ਕਿਹਾ ਕਿ ਉਹ ਇਹ ਜਾਣ ਕੇ ਹੈਰਾਨ ਹਨ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈਆਂ ਗਈਆਂ ਦੋ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (ਐਸਆਈਟੀ) ਨੇ ਵੀ ਅਜੇ ਤੱਕ ਜਾਂਚ ਪੂਰੀ ਨਹੀਂ ਕੀਤੀ ਹੈ। “ਗੋਲੀਬਾਰੀ ਦੀਆਂ ਘਟਨਾਵਾਂ ਨੂੰ ਤਕਰੀਬਨ 7 ਸਾਲ ਹੋ ਗਏ ਹਨ। ਅਤੇ ਆਮ ਆਦਮੀ ਪਾਰਟੀ (ਆਪ) ਨੇ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ ਪਰ ਇਸ ਦਿਸ਼ਾ ਵਿੱਚ ਕੁਝ ਵੀ ਅੱਗੇ ਵਧਦਾ ਨਜ਼ਰ ਨਹੀਂ ਆ ਰਿਹਾ ਹੈ। ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜ ਲਗਭਗ ਠੱਪ ਹੋ ਚੁੱਕੇ ਹਨ। “ਰੇਤ ਦੀ ਮਾਈਨਿੰਗ ਬਾਰੇ ਸਪੱਸ਼ਟਤਾ ਜਾਂ ਇਕਸਾਰ ਨੀਤੀ ਦੀ ਘਾਟ ਕਾਰਨ ਰੇਤ ਵਰਗੀ ਇੱਕ ਆਮ ਵਸਤੂ ਵੀ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ”। ਬਾਜਵਾ ਨੇ ਕਿਹਾ ਕਿ ਸਿਵਲ ਹਸਪਤਾਲਾਂ ਅਤੇ ਪੇਂਡੂ ਡਿਸਪੈਂਸਰੀਆਂ ਵਿਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨਾ ਹੋਣ ਕਾਰਨ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਵੀ ਪੰਜਾਬ ਵਿਚ ਮਾਰ ਪਈ ਹੈ।