ਸਿਹਤ ਵਿਭਾਗ ਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ ਡੇਂਗੂ ਪਾਜ਼ੀਟਿਵ ਕੇਸਾਂ ਦਾ ਦੌਰਾ

  • ਸਾਡੀ ਟੀਮ ਕਮਿਊਨਿਟੀ ਦੀ ਸਿਹਤ ਨੂੰ ਯਕੀਨੀ ਬਣਾਉਣ ਅਤੇ ਡੇਂਗੂ ਦੇ ਫੈਲਣ ਨੂੰ ਰੋਕਣ ਲਈ ਸਮਰਪਿਤ ਹੈ, “ਆਓ ਸੁਚੇਤ ਰਹੀਏ ਅਤੇ ਆਪਣੇ ਆਂਢ-ਗੁਆਂਢ ਦੀ ਰੱਖਿਆ ਕਰੀਏ”: ਡਾ ਜਗਦੀਪ ਚਾਵਲਾ ਸਿਵਲ ਸਰਜਨ
  • ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਹਨ ਅਤੇ ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ। ਇਸ ਸਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਡੇਂਗੂ ਪਾਜ਼ੀਟਿਵ ਪਾਏ ਗਏ ਕੇਸਾਂ ਦਾ ਦੌਰਾ ਕੀਤਾ ਗਿਆ ਅਤੇ ਮਰੀਜਾਂ ਦਾ ਹਾਲ ਚਾਲ ਜਾਣਿਆ ਗਿਆ ਅਤੇ ਉਨ੍ਹਾ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕ ਕੀਤਾ ਗਿਆ। ਘਰਾਂ ਵਿੱਚ ਅਤੇ ਜਨਤਕ ਥਾਵਾਂ ਤੇ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਸਾਰੇ ਸਿਵਲ ਹਸਪਤਾਲਾਂ ਵਿਚ ਡੇਂਗੂ ਅਤੇ ਮਲੇਰੀਆ ਦਾ ਟੈਸਟ ਅਤੇ ਇਲਾਜ ਮੁਫਤ ਉਪਲੱਬਧ ਹਨ।
ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਸੰਦੀਪ ਕੁਮਾਰ, ਗੁਰਭਗਤ ਸਿੰਘ, ਹਰਪਾਲ ਸਿੰਘ,ਅਮ੍ਰਿੰਤਪਾਲ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।