ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਲੁਧਿਆਣਾ : ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਲੋਕਾਂ ਨੂੰ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਅਤੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਰਗ ਦੇ ਲੋਕ ਆਪਣੇ ਘਰਾਂ ਨੂੰ 'ਦੀਵੇ' ਮਿੱਟੀ ਦੇ ਬਰਤਨਾਂ ਨਾਲ ਸਜਾਉਂਦੇ ਹਨ ਅਤੇ ਇਹ ਤਿਉਹਾਰ ਸਾਡੇ ਸਾਰਿਆਂ ਵੱਲੋਂ ਪੂਰੀ ਸ਼ਰਧਾ ਅਤੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਇੱਕ ਅਜਿਹਾ ਤਿਉਹਾਰ ਹੈ ਜੋ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਅਹਿਮ ਸੰਦੇਸ਼ ਦਿੰਦਾ ਹੈ ਅਤੇ ਇਸ ਦੀਵਾਲੀ 'ਤੇ ਸਾਨੂੰ ਬੂਟੇ ਲਗਾ ਕੇ ਪ੍ਰਦੂਸ਼ਣ ਵਰਗੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਯਤਨ ਕਰਨਾ ਚਾਹੀਦਾ ਹੈ ਅਤੇ ਸਾਫ਼-ਸੁਥਰੀ, ਹਰੀ ਭਰੀ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਸ੍ਰੀਮਤੀ ਮਲਿਕ ਨੇ ਅੱਗੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਹਨੇਰੇ ਤੋਂ ਰੌਸ਼ਨੀ ਵੱਲ ਅੱਗੇ ਵਧਣ ਦਾ ਸੰਦੇਸ਼ ਵੀ ਦਿੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਜ਼ਿਲ੍ਹਾ ਲੁਧਿਆਣਾ ਵਾਸੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਦ੍ਰਿੜ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਅਰਦਾਸ ਕੀਤੀ ਅਤੇ ਆਸ ਪ੍ਰਗਟਾਈ ਕਿ ਇਹ ਦੀਵਾਲੀ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ ਅਤੇ ਇਸ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰੇ। ਸ੍ਰੀਮਤੀ ਮਲਿਕ ਨੇ ਲੋਕਾਂ ਨੂੰ ਇਹ ਤਿਉਹਾਰ ਲੋੜਵੰਦ ਵਿਅਕਤੀਆਂ ਨਾਲ ਮਿਲ ਕੇ ਮਨਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਦੇ ਆਪਣੇ ਜੀਵਨ ਵਿੱਚ ਖੁਸ਼ੀਆਂ ਭਰੀਆਂ ਰਹਿਣ।