- ਸ਼ਹਿਰਾਂ ’ਚ ਬਰਸਾਤੀ ਪਾਣੀ ਦੇ ਨਿਕਾਸ ਦੇ ਸੁਚੱਜੇ ਪ੍ਰਬੰਧ ਕਰਨ ਦੀ ਹਦਾਇਤ
- ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਨ, ਪੁਲਿਸ ਤੇ ਫੌਜ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 5 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਦੌਰਾਨ ਘੱਗਰ ਦਰਿਆ ਸਮੇਤ ਜ਼ਿਲ੍ਹੇ ਵਿੱਚੋਂ ਲੰਘਦੇ ਬਰਸਾਤੀ ਨਾਲਿਆਂ, ਨਹਿਰਾਂ ’ਤੇ ਚੌਕਸੀ ਵਧਾਉਣ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਤਿਆਰੀਆਂ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਇਸ ਸਬੰਧੀ ਸਮੂਹ ਉਪ ਮੰਡਲ ਮੈਜਿਸਟਰੇਟ ਸਬ ਡਵੀਜ਼ਨਾਂ ਵਿੱਚ ਕੀਤੇ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਮੂਨਕ ਨੂੰ ਹਦਾਇਤ ਕੀਤੀ ਕਿ ਉਹ ਲਗਾਤਾਰ ਘੱਗਰ ਨੇੜੇ ਵਸਦੇ ਪਿੰਡਾਂ ਵਿੱਚ ਲੋਕਾਂ ਨਾਲ ਰਾਬਤਾ ਰੱਖਣ ਅਤੇ ਘੱਗਰ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦੇ ਰਹਿਣ। ਉਨ੍ਹਾਂ ਮੀਟਿੰਗ ਦੌਰਾਨ ਮੌਜੂਦ ਭਾਰਤੀ ਫੌਜ ਦੇ ਅਧਿਕਾਰੀ ਨਾਲ ਵੀ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਦੀਆਂ ਪ੍ਰਸ਼ਾਸਨਿਕ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੋਕਲੀਨ ਤੇ ਜੇ.ਸੀ.ਬੀ ਮਸ਼ੀਨਾਂ, ਟਰੈਕਟਰ ਟਰਾਲੀਆਂ, ਮਗਨਰੇਗਾ ਮਜ਼ਦੂਰਾਂ, ਕਿਸ਼ਤੀਆਂ, ਤੈਰਾਕਾਂ, ਸੈਂਡ ਬੈਗ, ਨਿਰਵਿਘਨ ਬਿਜਲੀ ਸੇਵਾਵਾਂ, ਮੈਡੀਕਲ ਸੁਵਿਧਾਵਾਂ ਸਮੇਤ ਹੋਰ ਹੜ੍ਹ ਰਾਹਤ ਸਮੱਗਰੀ ਦੀ ਉਪਲਬਧਤਾ ਤੇ ਤਿਆਰੀਆਂ ਸਬੰਧੀ ਅਧਿਕਾਰੀਆਂ ਤੋਂ ਵਿਸਤ੍ਰਿਤ ਜਾਣਕਾਰੀ ਲਈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਘੱਗਰ ਨੇੜੇ ਵਸਦੇ ਪਿੰਡਾਂ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਬੰਧਤ ਸਬ ਡਵੀਜ਼ਨਾਂ ਦੇ ਅਧਿਕਾਰੀ ਲੋਕਾਂ ਨਾਲ ਨਿਰੰਤਰ ਤਾਲਮੇਲ ਰੱਖਣ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਕਸੀਅਨ ਡਰੇਨੇਜ਼ ਨੂੰ ਇਹ ਹਦਾਇਤ ਵੀ ਕੀਤੀ ਕਿ ਦਿੜ੍ਹਬਾ, ਸੁਨਾਮ, ਧੂਰੀ ਆਦਿ ਸਮੇਤ ਸਾਰੀਆਂ ਡਰੇਨਾਂ ਵਿੱਚੋਂ ਜਾਲੇ, ਬੂਟੀ ਆਦਿ ਦੀ ਸਫ਼ਾਈ ਅਗਲੇ ਦੋ ਦਿਨਾਂ ਅੰਦਰ ਮੁਕੰਮਲ ਕੀਤੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਛੱਪੜਾਂ ਅਤੇ ਨਿਕਾਸੀ ਨਾਲੀਆਂ ਦੀ ਸਫਾਈ ਸਬੰਧੀ ਜਾਇਜ਼ਾ ਲਿਆ। ਉਨ੍ਹਾਂ ਏ.ਡੀ.ਸੀ ਸ਼ਹਿਰੀ ਵਿਕਾਸ ਤੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਖੇਤਰਾਂ ਵਿੱਚ ਖੜ੍ਹੇ ਹੋਣ ਵਾਲੇ ਬਰਸਾਤੀ ਪਾਣੀ ਦੇ ਨਿਕਾਸ ਲਈ ਆਪਣੀ ਨਿਗਰਾਨੀ ਹੇਠ ਪੁਖਤਾ ਇੰਤਜਾਮ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।