ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਐਨ.ਸੀ.ਓ.ਆਰ.ਡੀ. ਕਮੇਟੀ ਦੇ ਉਪਰਾਲਿਆਂ ਦੀ ਸਮੀਖਿਆ

  • ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਭਾਈਵਾਲਾਂ ਨੂੰ ਸਹਿਯੋਗ ਦੀ ਅਪੀਲ

ਲੁਧਿਆਣਾ, 4 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਕਾਲਜਾਂ/ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਚਰਚਾ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ੋਨ ਬਣਾਉਣ ਲਈ ਆਪਣੇ ਅਦਾਰਿਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਸੰਭਾਵੀ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕਾਂ, ਨੁੱਕੜ ਨਾਟਕਾਂ, ਸਕਿਟਾਂ ਜਾਂ ਹੋਰ ਗਤੀਵਿਧੀਆਂ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਮੈਡੀਕਲ ਕੈਂਪ ਲਗਾਉਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ, ਓਟ ਅਤੇ ਮੁੜ ਵਸੇਬਾ ਕੇਂਦਰਾਂ ਬਾਰੇ ਜਾਣਕਾਰੀ ਦੇਣ ਦੇ ਆਦੇਸ਼ ਦਿੱਤੇ। ਉਨ੍ਹਾਂ ਸੁਝਾਅ ਦਿੱਤਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਲੁਧਿਆਣਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਹਨੀ ਨੇ ਐਸ.ਡੀ.ਐਮਜ਼ ਨੂੰ ਇਹ ਵੀ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।