- ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਾਫ਼ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ
ਪਟਿਆਲਾ, 15 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੋਹੇਨੂਰ ਇਨਕਲੈਵ ਵਿੱਚ ਹੜ੍ਹਾਂ ਤੋਂ ਬਾਅਦ ਵੱਖ ਵੱਖ ਵਿਭਾਗਾਂ ਵੱਲੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਗੁਰਪ੍ਰੀਤ ਸਿੰਘ ਥਿੰਦ ਤੇ ਜੁਆਇੰਟ ਕਮਿਸ਼ਨਰ ਨਮਨ ਮਾਰਕੰਨ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਸੀਵਰੇਜ ਦੇ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਸਾਰੇ ਇਲਾਕਿਆਂ ਵਿੱਚ ਤੁਰੰਤ ਬੁਨਿਆਦੀ ਸਹੂਲਤਾਂ ਦੀ ਮੁੜ ਬਹਾਲੀ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾਵੇ ਤਾਂ ਜੋ ਐਨੇ ਦਿਨਾਂ ਤੋਂ ਮੁਸ਼ਕਲ ਵਿੱਚ ਫਸੇ ਲੋਕਾਂ ਨੂੰ ਕੁਝ ਰਾਹਤ ਪਹੁੰਚਾਈ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮਾਜ ਸੇਵੀ ਜਥੇਬੰਦੀਆਂ, ਫ਼ੌਜ ਤੇ ਐਨ.ਡੀ.ਆਰ.ਐਫ਼ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਸਾਰਿਆਂ ਦੇ ਸਹਿਯੋਗ ਅਤੇ ਲੋਕਾਂ ਵੱਲੋਂ ਦਿਖਾਏ ਲਾ ਮਿਸਾਲ ਹੌਸਲੇ ਸਦਕਾ ਪਟਿਆਲਾ ਫੇਰ ਤੋਂ ਆਪਣੀ ਰਫ਼ਤਾਰ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਸ਼ੂਆਂ ਲਈ ਹਰੇ ਚਾਰੇ, ਰੈੱਡ ਕਰਾਸ ਵੱਲੋਂ ਦਵਾਈਆਂ ਤੇ ਹੋਰ ਰਾਸ਼ਨ, ਡੀ.ਐਫ.ਐਸ.ਸੀ. ਵੱਲੋਂ ਫੂਡ ਪੈਕੇਟ, ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਨਗਰ ਨਿਗਮ ਵੱਲੋਂ ਸ਼ਹਿਰ ਦੇ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ।