ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਹਫਤੇ ਚ ਦੋ ਵਾਰ ਜਨ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਨਿਪਟਾਰਾ

  • ਭੱਦਲਥੂਹਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ 30 ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਫ਼ਤਹਿਗੜ੍ਹ ਸਾਹਿਬ 19 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ ਅਤੇ ਇਨ੍ਹਾਂ ਜਨ-ਸੁਵਿਧਾ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ ਨੇ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਤਹਿਤ ਪਿੰਡ ਭੱਦਲਥੂਹਾ ਦੇ ਕਮਿਊਨਿਟੀ ਹਾਲ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਹਫਤੇ ਵਿੱਚ ਦੋ ਵਾਰ ਵੱਖ-ਵੱਖ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜ਼ੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀਮਤੀ ਈਸ਼ਾ ਸਿੰਗਲ ਨੇ ਦੱਸਿਆ ਕਿ ਅੱਜ ਦੇ ਜਨ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 30 ਸ਼ਿਕਾਇਤਾਂ/ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਨ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਲਾਭ ਹੈ ਕਿਉਂਕਿ ਇਨ੍ਹਾਂ ਕੈਂਪਾਂ ਵਿੱਚ ਜਿਥੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਂਦਾ ਹੈ ਉਥੇ ਹੀ ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਾ ਲਾਭ ਇੱਕੋ ਛੱਤ ਹੇਠ ਮੁਹੱਈਆ ਕਰਵਾਇਆ ਜਾਂਦਾ ਹੈ ਜਿਸ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਵੀ ਸਥਾਪਤ ਕੀਤੀ ਗਈ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਜ਼ਿਲ੍ਹਾ ਪੱਧਰ ਤੇ ਹੀ ਹੱਲ ਕੀਤਾ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਹਰੇਕ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਲੋਕਾਂ ਨੂੰ ਮਿਲਦੇ ਹਨ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕਰਨ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਤਹਿਸੀਲਦਾਰ ਅਮਲੋਹ ਸ਼੍ਰੀ ਜਿਨਸੂ ਬਾਂਸਲ, ਬੀ.ਡੀ.ਪੀ.ਓ. ਮੋਹਿਤ ਕਲਿਆਣ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡਾਂ ਦੇ ਲੋਕ ਹਾਜਰ ਸਨ।