ਦੂਸ਼ਿਤ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ

  • ਸਿਹਤ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ

ਫਤਿਹਗੜ੍ਹ ਸਾਹਿਬ, 23 ਜੁਲਾਈ 2024 : ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਪੰਜਾਬ ਡਾ ਬਲਬੀਰ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕਰਕੇ ਸੂਬੇ ਅੰਦਰ ਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਨੂੰ ਰਿਵਿਊ ਕੀਤਾ। ਸਿਹਤ ਮੰਤਰੀ ਨੇ ਇਸ ਮੌਕੇ ਦੂਸ਼ਿਤ ਪਾਣੀ ਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਰੱਖਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦਾ ਗਠਨ ਵੀ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਵੱਲੋਂ ਜਿਲੇ ਅੰਦਰ ਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਵਿਸਥਾਰ ਸਹਿਤ ਚਰਚਾ ਕਰਕੇ ਇਹਨਾਂ ਬਿਮਾਰੀਆਂ ਨੂੰ ਕੰਟਰੋਲ ਵਿੱਚ ਰੱਖਣ ਲਈ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਮੰਤਰੀ  ਵੱਲੋਂ ਹਦਾਇਤ ਕੀਤੀ ਗਈ ਹੈ ਵਾਟਰ ਸਪਲਾਈ ਤੇ ਸੈਨੀਟੇਸ਼ਨ , ਸਿੱਖਿਆ  , ਪੰਚਾਇਤੀ , ਨਗਰ ਕੌਂਸਲਾਂ ਆਦਿ ਵਿਭਾਗਾਂ ਨਾਲ ਤਾਲਮੇਲ ਕਰਕੇ ਦੂਸ਼ਿਤ ਪਾਣੀ ਅਤੇ ਵੈਕਟਰ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਣ ਲਈ ਜਿਲੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇੱਕ ਜਿਲਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਬਣਾਈ ਜਾਵੇ , ਉਹਨਾਂ ਕਿਹਾ ਕਿ ਇਸ ਕੁਆਰਡੀਨੇਸ਼ਨ ਕਮੇਟੀ ਦਾ  ਵਟਸ-ਐਪ ਗਰੁੱਪ ਬਣਾਇਆ ਜਾਵੇ , ਇਸ ਗਰੁੱਪ ਵਿੱਚ ਜਿਲਾ ਪੱਧਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ, ਜਿਸ ਵਿੱਚ ਹਰ ਰੋਜ਼ ਦੀਆਂ ਗਤੀਵਿਧੀਆਂ ਸ਼ੇਅਰ ਕੀਤੀਆਂ ਜਾਣ ਅਤੇ ਕਿਸੇ ਵੀ ਥਾਂ ਤੇ ਬਿਮਾਰੀ ਦਾ ਬਰੇਕ ਆਊਟ ਹੋਣ ਦੀ ਸੂਰਤ ਵਿੱਚ ਗਰੁੱਪ ਵਿੱਚ ਸੁਨੇਹਾ ਪਾਇਆ ਜਾਵੇ ਤਾਂਜੋ ਸਾਰੇ ਆਪੋ ਆਪਣੇ ਵਿਭਾਗ ਨਾਲ ਸੰਬੰਧਿਤ ਕਾਰਵਾਈਆਂ ਕਰਨ ਲਈ ਤੁਰੰਤ ਸਰਗਰਮ ਹੋ ਸਕਣ। ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਸਕੂਲਾਂ ਦੇ ਵੱਡੇ ਬੱਚਿਆਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੀ ਪਹਿਚਾਣ ਕਰਵਾਈ ਜਾਵੇ ਅਤੇ ਉਹਨਾਂ ਨੂੰ ਆਪੋ ਆਪਣੇ ਘਰਾਂ ਦੇ ਆਲੇ ਦੁਆਲੇ ਲਾਰਵਾ ਲੱਭਣ ਲਈ ਪ੍ਰੇਰਿਤ ਕੀਤਾ ਜਾਵੇ ਇਸ ਕੰਮ ਵਿੱਚ ਸਫਲ ਹੋਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇ।  ਸਿਹਤ ਮੰਤਰੀ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਫੀਵਰ ਸਰਵੇ , ਫੋਗਿੰਗ, ਲਾਰਵਾ ਮਿਲਣ ਤੇ ਚਲਾਨਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂਕਿ ਆਮ ਲੋਕਾਂ ਨੂੰ ਇਹਨਾਂ ਮੌਸਮੀ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ  ਡਿਪਟੀ ਕਮਿਸ਼ਨਰ ਈਸਾ ਸਿੰਗਲ, ਸਿਵਲ ਸਰਜਨ ਡਾ ਦਵਿੰਦਰਜੀਤ ਕੌਰ , ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ ,ਡਾਕਟਰ ਦੀਪਤੀ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜਰ ਸਨ।