
- ਹੁਕਮ 6 ਅਪ੍ਰੈਲ 2025 ਨੂੰ ਲਾਗੂ ਹੋਣਗੇ
ਫਰੀਦਕੋਟ 21 ਮਾਰਚ 2025 : ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 6 ਅਪ੍ਰੈਲ 2025 ਨੂੰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿੱਚ ਡਿਊਟੀ ਦੇ ਹੋਣਗੇ। ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਦਿਆ ਭਵਨ ਮੋਹਾਲੀ ਪੰਜਾਬ ਤੋਂ ਪ੍ਰਾਪਤ ਹੋਏ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪ੍ਰਵੇਸ਼ ਪਰੀਖਿਆਂ 2025 ਸਬੰਧੀ ਗਿਆਰਵੀਂ ਸ਼੍ਰੇਣੀ ਲਈ ਪ੍ਰੀਖਿਆ ਮਿਤੀ 6 ਅਪ੍ਰੈਲ 2025 ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਡਾਕਟਰ ਮੋਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ, ਐਮ.ਜੀ.ਐਮ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ, ਬਲਬੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ, ਸਰਕਾਰੀ ਐਚ.ਐਸ.ਐਨ ਸੀਨੀਅਰ ਸੈਕੰਡਰੀ ਸਕੂਲ ਜੈਤੋ, ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ, ਡਾ. ਹਰੀ ਸਿੰਘ ਸੇਵਕ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ( ਲੜਕੇ) ਕੋਟਕਪੂਰਾ ਅਤੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ,ਕੋਟਕਪੂਰਾ ਵਿੱਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇੱਕਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਦੂਰੀ ਬਣਾਈ ਰੱਖਣ ਦੇ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਹੈ,ਤਾਂ ਕਿ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਇਸ ਸਭ ਦੇ ਮੱਦਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।