- ਟਾਸਕ ਫੋਰਸ ਵੱਲੋਂ ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਵਿਖੇ ਬਾਲ ਮਜ਼ਦੂਰੀ ਰੋਕਣ ਸਬੰਧੀ ਫੈਲਾਈ ਜਾਗਰੂਕਤਾ
ਮੋਗਾ, 14 ਜੂਨ : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਮਜ਼ਦੂਰੀ ਅਤੇ ਬਾਲ ਭਿਖਿਆ ਰੋਕਣ ਲਈ ਸਪੈਸ਼ਲ ਮੁਹਿੰਮ 1 ਜੂਨ ਤੋਂ ਚੱਲ ਰਹੀ ਹੈ, ਜਿਹੜੀ ਕਿ 30 ਜੂਨ, 2023 ਤੱਕ ਚੱਲੇਗੀ। ਬਾਲ ਮਜ਼ਦੂਰੀ ਰੋਕੂ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਇਸ ਮੁਹਿੰਮ ਅਧੀਨ ਜਾਗਰੂਕਤਾ ਗਤੀਵਿਧੀਆਂ ਤੋਂ ਇਲਾਵਾ ਲਗਾਤਾਰ ਚੈਕਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਬਾਲ ਮਜ਼ਦੂਰੀ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਪਰਮਜੀਤ ਕੌਰ ਨੇ ਦੱਸਿਆ ਕਿ ਇਸਦੀ ਲਗਾਤਾਰਤਾ ਵਿੱਚ ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਵਿਖੇ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜਦੂਰੀ ਅਤੇ ਬਾਲ ਭਿਖਿਆ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ। ਜਿਸ ਦੌਰਾਨ ਸ਼ਹਿਰ ਦੀਆਂ ਦੁਕਾਨਾਂ ਅਤੇ ਹੋਟਲਾਂ ਆਦਿ ਕੰਮਕਾਜੀ ਥਾਵਾਂ ਉੱਪਰ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਬਾਲ ਮਜ਼ਦੂਰੀ ਅਤੇ ਬਾਲ ਭਿਖਿਆ ਕਰਵਾਉਣ ਨਾਲ ਹੋਣ ਵਾਲੀ ਸਜ਼ਾ ਅਤੇ ਜੁਰਮਾਨੇ ਬਾਰੇ ਜਾਣੂੰ ਕਰਵਾਇਆ ਗਿਆ। ਇਸ ਦੌਰਾਨ ਜਿਲ੍ਹਾ ਟਾਸਕ ਫੋਰਸ ਵੱਲੋਂ ਦੁਕਾਨ ਮਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਬੱਚਾ, ਜਿਸ ਦੀ ਉਮਰ 14 ਸਾਲ ਤੋਂ ਘੱਟ ਹੈ, ਤੁਹਾਡੇ ਕੋਲ ਕੰਮ ਲਈ ਆਉਂਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਬੱਚੇ ਉਨ੍ਹਾਂ ਨੂੰ ਮਿਲਦੇ ਹਨ ਤਾਂ ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤੇ ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਵੀ ਸੂਚਿਤ ਕੀਤਾ ਜਾਵੇ। ਇਸ ਮੌਕੇ ਤੇ ਜਿਲ੍ਹਾ ਟਾਸਕ ਫੋਰਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਇਸ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਦਫ਼ਤਰ ਤੋਂ ਸਤਨਾਮ ਸਿੰਘ, ਪੁਲਿਸ ਵਿਭਾਗ ਤੋਂ ਐਸ.ਆਈ. ਇੰਦਰਜੀਤ ਸਿੰਘ, ਬਾਲ ਭਲਾਈ ਕਮੇਟੀ ਮੋਗਾ ਤੋਂ ਬਲਵਿੰਦਰ ਸਿੰਘ ਬੈਂਸ, ਮੈਂਬਰ ਬਲਵਿੰਦਰ ਸਿੰਘ ਸੰਧੂ, ਸਿਹਤ ਵਿਭਾਗ ਤੋਂ ਡਾ. ਅਨਮੋਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਬਾਲ ਸੁਰੱਖਿਆ ਅਫ਼ਸਰ ਸੁਖਵੀਰ ਕੌਰ ਅਤੇ ਸੋਸ਼ਲ ਵਰਕਰ ਚੰਚਲ ਗੋਇਲ ਆਦਿ ਹਾਜ਼ਰ ਸਨ।