ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ

  • ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ-ਡਾ. ਸੋਨਾ ਥਿੰਦ

ਸ੍ਰੀ ਫ਼ਤਹਿਗੜ੍ਹ ਸਾਹਿਬ,18 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਤਾ ਗੁਜਰੀ ਕਾਲਜ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਪੰਜਾਬ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਜੋ ਫੈਸਲਾ ਕੀਤਾ ਗਿਆ ਹੈ ਉਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਤੇ ਇਸ ਮੁਹਿੰਮ ਅਧੀਨ ਵੱਡੀ ਪੱਧਰ ਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਜੇਲ੍ਹਾਂ ਅੰਦਰ ਸੁੱਟਿਆ ਗਿਆ ਹੈ ਤੇ ਉਨ੍ਹਾਂ ਦੇ ਨਸ਼ੇ ਵੇਚ ਕੇ ਬਣਾਏ ਗਏ ਘਰਾਂ ਤੇ ਵੀ ਬੁਲਡੋਜ਼ਰ ਚਲਾਏ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਸਫਲ ਕਰਨ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਆਪਣੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾਉਣਾ ਇੱਕ ਵੱਡਾ ਮੁੱਦਾ ਬਣੀ ਹੋਈ ਹੈ ਅਤੇ ਜੇਕਰ ਅਜੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਪ੍ਰਤੀ ਅਸੀਂ ਸੰਜੀਦਾ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ਨਸ਼ਿਆਂ ਦਾ ਤਿਆਗ ਕਰਨ ਵਾਲੇ ਮੰਗਾ ਸਿੰਘ ਨੇ ਆਪਣੀ ਜਿੰਦਗੀ ਬਾਰੇ ਦੱਸਦਿਆਂ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਨਸ਼ਿਆਂ ਨੂੰ ਛੱਡ ਕੇ ਨਿਰੋਗ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਨੌਜ਼ਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰਨ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਸਤਿਕਾਰ ਰੰਗਮੰਚ ਦੇ ਕਲਾਕਾਰਾਂ ਵੱਲੋਂ ਨਸ਼ਿਆਂ ਦੀ ਲਾਹਣਤ ਪ੍ਰਤੀ ਜਾਗਰੂਕ ਕਰਦਾ ਨਾਟਕ "ਮਿੱਟੀ ਰੁਦਨ ਕਰੇ" ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਦਸਤਾਰ ਰੰਗਮੰਚ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੀ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਤਿਕਾਰ ਰੰਗਮਚ ਤੇ ਦਸਤਾਰ ਮੰਚ ਵੱਲੋਂ ਪੇਸ਼ ਕੀਤੇ ਨਾਟਕ ਤੇ ਕੋਰਿਓਗ੍ਰਾਫੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹੇ ਦੇ ਹਰੇਕ ਪਿੰਡ ਤੇ ਸ਼ਹਿਰ ਵਿੱਚ ਨਿਰੰਤਰ ਕਰਵਾਏ ਜਾਣਗੇ। ਇਸ ਮੌਕੇ ਯੂਥ ਫੈਡਰੇਸ਼ਨ ਆਫ ਇੰਡੀਆ ਵੱਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਲਿਟਰੇਚਰ ਦਾ ਸਟਾਲ ਵੀ ਲਗਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਸ਼ੰਕਰ ਸ਼ਰਮਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਰਾਜ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਮਾਤਾ ਗੁਜਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ, ਪ੍ਰੋ: ਗੁਰਬਖਸ਼ੀਸ ਸਿੰਘ ਅੰਟਾਲ, ਯੂਥ ਫੈਡਰੇਸ਼ਨ ਫ ਇੰਡੀਆ ਦੇ ਪ੍ਰਧਾਨ ਤੇ ਨਸ਼ਾ ਮੁਕਤ ਅਭਿਆਨ ਦੇ ਮੈਂਬਰ ਸਟੇਟ ਐਵਾਰਡੀ ਪਰਮਿੰਦਰ ਪਹਿਲਵਾਨ, ਰਾਜਪਾਲ ਐਵਾਰਡੀ ਜਤਵਿੰਦਰ ਸਿੰਘ ਗਰੇਵਾਲ, ਰੈੱਡ ਰਿਬਨ ਸੰਸਥਾ ਦੇ ਪ੍ਰਧਾਨ ਗੁਰਵਿੰਦਰ ਸੋਹੀ, ਸਹਾਇਕ ਡਾਇਰੈਕਟਰ ਯੂਥ ਸਰਵਸਿਜ਼ ਮਨਤੇਜ ਸਿੰਘ ਚੀਮਾ, ਜ਼ਿਲ੍ਹਾ ਖੇਡ ਅਫਸਰ ਰਾਹੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਪਤਵੰਤੇ ਹਾਜਰ ਸਨ।