ਖੇਤੀਬਾੜੀ ਵਿਭਾਗ ਵੱਲੋਂ ਸੁਚੱਜੇ ਪਰਾਲੀ ਪ੍ਰਬੰਧਨ ਸੰਬੰਧੀ ਗੋਲੇਵਾਲਾ ਵਿਖੇ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ

  • ਝੋਨੇ ਦੀ ਕਟਾਈ ਲਈ ਕੰਬਾਈਨ ਹਾਰਵੈਸਟਰ ਤੇ ਸੁਪਰ ਐੱਸ ਐੱਮ ਐੱਸ ਲਗਾਉਣਾ ਜ਼ਰੂਰੀ

ਫਰੀਦਕੋਟ 20 ਸਤੰਬਰ 2024 : ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਬਲਾਕ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਖੇ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਾਜਵੀਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਆਮ ਕਰਕੇ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਲਗਾਏ ਬਗੈਰ ਕਰਦੇ ਹਨ, ਜਿਸ ਨਾਲ ਕਿਸਾਨਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਦੀ ਹੈ ਅਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਹੈ। ਉਹਨਾਂ ਦੱਸਿਆ ਕਿ ਇਸ ਸਮੱਸਿਆ ਨੂੰ ਦੂਰ ਕਰਨ ਲਈ ਕੰਬਾਇਨ ਹਾਰਵੈਸਟਰ ਮਾਲਿਕਾਂ ਲਈ ਇਹ ਜਰੂਰੀ ਹੋਵੇਗਾ ਕਿ ਉਹ ਕੰਬਾਇਨ ਉਪਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਲਗਾ ਕਿ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਕਿਸਾਨਾਂ ਨੂੰ ਕਣਕ ਬਿਜਾਈ ਕਰਨ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ।ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਬੀਜਣ ਦੇ ਵੱਖ-ਵੱਖ ਤਰੀਕਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵੀ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੇ ਢੰਗ ਨਾਲ ਸੰਭਾਲ ਕਰਨ ਲਈ ਮਸ਼ੀਨਰੀ ਵੀ ਸਬਸਿਡੀ ਤੇ ਮੁਹਈਆ ਕਰਵਾਈ ਜਾ ਰਹੀ ਹੈ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸਤਬੀਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀਆਂ ਬਿਮਾਰੀਆਂ ਅਤੇ ਕੀਟ ਪ੍ਰਬੰਧਨ, ਕਣਕ ਦੀਆਂ ਨਵੀਆਂ ਉੱਨਤ ਕਿਸਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਇਸ ਕੈੰਪ ਵਿੱਚ ਪ੍ਰੀਤ ਸਿੰਘ ਏ.ਟੀ.ਐੱਮ ਵੱਲੋਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਜਿੰਨਾਂ ਲਾਭਪਾਤਰੀਆਂ ਦੀ ਲੈਂਡ ਸੀਡਿੰਗ ਅਤੇ ਈ.ਕੇ.ਵਾਈ.ਸੀ. ਨਹੀਂ ਹੋਈ ਉਹ ਈ.ਕੇ.ਵਾਈ.ਸੀ ਆਪਣੇ ਨੇੜੇ ਦੇ ਸੀ.ਐਸ.ਸੀ ਸੈਂਟਰ ਤੋਂ ਕਰਵਾ ਲੈਣ ਅਤੇ ਦਸਤਾਵੇਜ਼ ਜਮ੍ਹਾਂ ਕਰਵਾ ਦੇਣ ਤਾਂ ਜੋ ਇਸ ਸਕੀਮ ਦਾ ਲਾਭ ਮਿਲਦਾ ਰਹੇ। ਇਸ ਕੈਂਪ ਵਿੱਚ ਬਲਦੇਵ ਕੁਮਾਰ ਏ. ਐੱਸ.ਆਈ ਵੱਲੋਂ ਆਏ ਕਿਸਾਨਾਂ ਦੀ ਹਾਜ਼ਰੀ ਲਗਵਾਈ ਗਈ ਅਤੇ ਅੰਤ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਢੁੱਕਵੇਂ ਜਵਾਬ ਦਿੱਤੇ ਗਏ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।