ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵੱਖ-ਵੱਖ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ 

ਫਾਜਿਲਕਾ 3 ਮਾਰਚ : ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ ਕੀਤੇ ਗਏ । ਇਸ ਦੌਰਾਨ ਉਨਾਂ ਨੇ ਪਿੰਡ ਨਵਾਂ ਸਲੇਮਸ਼ਾਹ, ਮਿਆਣੀ ਬਸਤੀ, ਗੰਜੂ ਹਸਤਾ, ਗਾਗਾਨ ਕੇ, ਕਾਵਾਂਵਾਲੀ ਵਿਖ਼ੇ ਗਲੀਆਂ ਤੇ ਪਾਰਕ ਦਾ ਨੀਂਹ ਪੱਥਰ ਰੱਖਿਆ ਤੇ ਗਲੀਆਂ, ਕਿਚਨ ਸ਼ੈਡ ਦਾ ਉਦਘਾਟਨ ਕੀਤਾ। ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਹਨਾਂ ਪਿੰਡਾਂ ਦਾ ਦੌਰਾ ਕਰਦਿਆਂ ਮੌਕੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਲਈ ਨਿਰਦੇਸ਼ ਦਿੱਤੇ । ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਪਿੰਡਾਂ ਦਾ ਵਿਕਾਸ ਕਰਵਾ ਰਹੀ ਹੈ ਅਤੇ ਵੱਖ-ਵੱਖ ਸਕੀਮਾਂ ਤਹਿਤ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਹੁਣ ਸਾਰੇ ਪਿੰਡਾਂ ਵਿੱਚ ਸ਼ਹਿਰਾਂ ਵਾਂਗ ਸੋਹਣੇ ਪਾਰਕ ਬਣਾਏ ਜਾਣਗੇ । ਉਹਨਾਂ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਇਹ ਪਾਰਕ ਪਿੰਡ ਦੇ ਲੋਕਾਂ ਲਈ ਇੱਕ ਵਧੀਆ ਸਥਾਨ ਵਜੋਂ ਵਿਕਸਿਤ ਕੀਤੇ ਜਾਣਗੇ। ਇਸ ਤੋਂ ਬਿਨਾਂ ਪਿੰਡਾਂ ਵਿੱਚ ਗਲੀਆਂ ਨਾਲੀਆਂ ਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਵੀ ਸਾਰੇ ਪ੍ਰੋਜੈਕਟ ਜਲਦ ਤੋਂ ਜਲਦ ਮੁਕੰਮਲ ਹੋਣਗੇ। ਇਸ ਮੌਕੇ ਵਿਧਾਇਕ ਨੇ ਸੂਬਾ ਸਰਕਾਰ ਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਿੱਥੇ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁਜਦਾ ਕੀਤਾ ਜਾ ਰਿਹਾ ਹੈ। ਉੱਥੇ ਹੀ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸੇ ਤਰ੍ਹਾਂ ਜੋ ਰਾਸ਼ਨ ਕਾਰਡ ਪਿਛਲੇ ਸਮਿਆਂ ਵਿੱਚ ਕੱਟੇ ਗਏ ਸੀ ਉਹ ਵੀ ਬਹਾਲ ਕਰ ਦਿੱਤੇ ਗਏ ਹਨ।