ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਗਠਨ

  • ਨਸ਼ਾ ਰੋਕੂ ਨਿਗਰਾਨ ਕਮੇਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਤੇਜ਼ੀ ਲਿਆਉਣ ਦੀ ਹਦਾਇਤ

ਫ਼ਰੀਦਕੋਟ, 13 ਅਗਸਤ 2024 : ਨਸ਼ਿਆਂ ਦੀ ਰੋਕਥਾਮ ਲਈ ਫਰੀਦਕੋਟ ਵਿਖੇ ਸਮੇਂ ਸਮੇਂ ’ਤੇ ਚੁੱਕੇ ਜਾ ਰਹੇ ਸਾਰਥਕ ਕਦਮਾਂ ਦੀ ਲੜੀ ਨੂੰ ਹੋਰ ਮਜਬੂਤ ਕਰਨ ਲਈ ਹੁਣ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਵੀ ਗਠਨ ਕਰ ਦਿੱਤਾ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮੇਜਰ ਵਰੁਣ ਕੁਮਾਰ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਉਣ ਦੇ ਨਾਲ ਨਾਲ ਹੁਣ ਨਸ਼ਾ ਕਰਨ ਵਾਲੇ ਰੋਗੀਆਂ ਦੀ ਪਛਾਣ ਕਰਕੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਢੁੱਕਵਾਂ ਇਲਾਜ ਕਰਵਾਉਣ, ਉਨ੍ਹਾਂ ਦੇ ਸਿਹਤਯਾਬ ਹੋਣ ਉਪਰੰਤ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਵੀ ਸਰਗਰਮ ਉਪਰਾਲੇ ਕੀਤੇ ਜਾਣਗੇ। ਇਸ ਸਬੰਧੀ ਐੱਸ ਡੀ ਐੱਮ ਫ਼ਰੀਦਕੋਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤਾਂ ਸਬੰਧੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਵਜੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਲੋਕ ਜਾਗਰੂਕਤਾ ਪੈਦਾ ਕਰਨ ਲਈ ਇਹ ਸਪੈਸ਼ਲ ਸੈੱਲ ਗਠਿਤ ਕੀਤਾ ਗਿਆ ਹੈ ਜਿਸ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਦੀ ਦੂਜੀ ਮੰਜ਼ਿਲ ਵਿਖੇ ਇਹ ਸੈਲ ਕਾਰਜਸ਼ੀਲ ਰਹੇਗਾ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਹਰ ਯੋਗ ਉਪਰਾਲੇ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਾਰਕੋਟਿਕਸ ਕੋਆਰਡੀਨੇਸ਼ਨ ਸੈਂਟਰ ਦੀਆਂ ਮੀਟਿੰਗਾਂ ਦੌਰਾਨ ਸਮੇਂ ਸਮੇਂ ’ਤੇ ਜਾਰੀ ਹੋਣ ਵਾਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਜੋਂ ਹਰ ਸਬ ਡਵੀਜ਼ਨ ਵਿੱਚ ਵੀ ਵਿਸ਼ੇਸ਼ ਸੈਲ ਦਾ ਗਠਨ ਕੀਤਾ ਜਾਵੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਵਿੱਚ ਚੇਤਨਾ ਪੈਦਾ ਕਰਦੇ ਹੋਏ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਲਾਂ ਵਿੱਚ ਵੱਧ ਤੋਂ ਵੱਧ ਸਮਾਜ ਸੇਵੀ ਸੰਗਠਨਾਂ, ਖੇਡ ਕਲੱਬਾਂ, ਯੂਥ ਕਲੱਬਾਂ, ਐਨ.ਜੀ.ਓਜ਼ ਦੇ ਨੁਮਾਇੰਦੇ ਸ਼ਾਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹਰ ਪਿੰਡ ਤੇ ਸ਼ਹਿਰ ਦੇ ਹਰ ਘਰ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਹੋਕਾ ਪੁੱਜਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਮਾਪੇ ਵੀ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚੌਕਸ ਰਹਿ ਸਕਣ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।