ਰਹਿ ਗਏ ਕੇਸਾਧਾਰੀ ਸਿੱਖ ਵੋਟਰ ਨੂੰ ਸੁਨਿਹਰੀ ਮੌਕਾ ਹੁਣ ਮਿਤੀ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ : ਡੀ.ਸੀ

  • ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ

ਫ਼ਰੀਦਕੋਟ 26 ਜੁਲਾਈ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਹੜੇ ਕੇਸਧਾਰੀ ਵੋਟਰ ਐਸ.ਜੀ.ਪੀ.ਸੀ ਵੋਟਾਂ ਬਣਾਉਣ ਤੋਂ ਕਿਸੇ ਕਾਰਨ ਰਹਿ ਗਏ ਸਨ, ਉਨ੍ਹਾਂ ਨੂੰ ਚੋਣ ਕਮਿਸ਼ਨ ਨੇ 31 ਜੁਲਾਈ ਤੱਕ ਵੋਟ ਬਣਾਉਣ ਲਈ ਇੱਕ ਸੁਨਿਹਰੀ ਮੌਕਾ ਦਿੱਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ 29 ਫਰਵਰੀ 2024 ਤੱਕ ਚੱਲਿਆ ਸੀ। ਜਿਸ ਦੌਰਾਨ ਕਾਫੀ ਲੋਕਾਂ ਨੇ ਆਪਣੀਆਂ ਵੋਟਾਂ ਬਣਵਾ ਲਈਆਂ ਹਨ। ਉਨ੍ਹਾਂ ਕਿਹਾ ਕਿ ਕਈ ਲੋਕ ਕਿਸੇ ਕਾਰਨ ਕਰਕੇ ਆਪਣੀ ਵੋਟ ਨਹੀਂ ਬਣਵਾ ਪਾਏ ਸਨ। ਜਿਸ ਲਈ ਚੋਣ ਕਮਿਸ਼ਨ ਨੇ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਕੇਸਧਾਰੀ ਸਿੱਖਾਂ ਨੂੰ ਮਿਤੀ 31 ਜੁਲਾਈ ਤੱਕ ਆਪਣੀ ਵੋਟ ਬਣਾਉਣ ਲਈ ਮੌਕਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਦਾ ਕੇਸਧਾਰੀ ਸਿੱਖ ਹੋਣਾ ਜ਼ਰੂਰੀ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਤੰਬਾਕੂ ਜਾਂ ਸ਼ਰਾਬ ਦਾ ਸੇਵਨ ਕਰਦਾ ਹੈ ਵੋਟਰ ਵਜੋਂ ਰਜਿਸਟਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਫਾਰਮ-। ਸਬੰਧਤ ਚੋਣ ਹਲਕੇ ਦੇ ਰਿਵਾਈਜਿੰਗ ਅਫਸਰ ਦੇ ਦਫਤਰ ਵਿਖੇ ਉੱਪਲਬਧ ਹਨ ਤੇ ਜ਼ਿਲ੍ਹੇ ਦੇ 21 ਸਾਲ ਦੇ ਸਮੂਹ ਕੇਸਧਾਰੀ ਸਿੱਖ ਵੋਟਰ ਆਪਣੀ ਵੋਟ ਬਣਾਉਣ ਲਈ ਫਾਰਮ-1 ਭਰਨ ਤੋਂ ਬਾਅਦ ਰਿਵਾਈਜਿੰਗ ਅਫਸਰ, ਸਹਾਇਕ ਰਿਵਾਈਜਿੰਗ ਅਫਸਰ ਦੇ ਦਫਤਰ ਜਾਂ ਆਪਣੇ ਹਲਕੇ ਦੇ ਪਟਵਾਰੀ ਜਾਂ ਤਹਿਸੀਲਦਾਰਾਂ ਪਾਸ ਜਮਾਂ ਕਰਵਾ ਸਕਦੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ-1 ਜ਼ਿਲ੍ਹੇ ਦੀ ਵੈਬ ਸਾਈਟ www.faridkot.nic.in ਤੇ ਵੀ ਉਪਲਬਧ ਹੈ। ਉਨ੍ਹਾਂ ਜ਼ਿਲ੍ਹੇ ਦੇ ਰਹਿ ਗਏ ਵੱਧ ਤੋਂ ਵੱਧ ਕੇਸਧਾਰੀ ਸਿੱਖਾਂ ਨੂੰ ਫਾਰਮਾਂ ਰਾਹੀਂ ਆਪਣੀ ਵੋਟ ਬਣਾਉਣ ਅਤੇ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।