- ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਕੈਪ ਦੀ ਕੀਤੀ ਸ਼ਲਾਘਾ, ਮੌਕੇ 'ਤੇ ਹੀ ਲਿਆ ਸਕੀਮਾਂ ਦਾ ਲਾਭ
- ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ 'ਤੇ ਹੀ ਦਸਤਾਵੇਜ਼ ਕੀਤੇ ਜਾਰੀ
ਲੁਧਿਆਣਾ, 09 ਜੁਲਾਈ 2024 : ਸ੍ਰੀ ਭੈਣੀ ਸਾਹਿਬ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਕਸ਼ਮੀਰ ਸਿੰਘ ਅਤੇ ਸ਼੍ਰੀਮਤੀ ਸਵਿੰਦਰ ਕੌਰ ਵਾਸੀ ਭੈਣੀ ਸਾਹਿਬ ਨੇ ਸੀਨੀਅਰ ਸਿਟੀਜਨ ਕਾਰਡ ਬਣਾਉਣ ਲਈ ਅਪਲਾਈ ਕੀਤਾ ਜਿਹੜਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਹਨਾਂ ਲਾਭਪਾਤਰੀਆਂ ਨੂੰ ਮੌਕੇ ਤੇ ਹੀ ਸੀਨੀਅਰ ਸਿਟੀਜਨ ਕਾਰਡ ਬਣਾ ਕੇ ਦਿੱਤਾ ਗਿਆ। ਇਹਨਾਂ ਲਾਭਪਾਤਰੀਆਂ ਵੱਲੋਂ ਸੇਵਾਵਾਂ ਤੁਰੰਤ ਮਿਲਣ 'ਤੇ ਭਾਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਾਗਰਿਕ ਸੇਵਾਵਾਂ ਨੂੰ ਸਿੱਧੇ ਤੌਰ 'ਤੇ ਉਨ੍ਹਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਪਿੰਡ ਭੈਣੀ ਸਾਹਿਬ ਦੇ ਸ੍ਰੀ ਭੁਪਿੰਦਰ ਸਿੰਘ ਨੇ ਵੀ ਕੈਂਪ ਵਿੱਚ ਬੁਢਾਪਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕੈਂਪ ਦੇ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ । ਸ੍ਰੀ ਭੈਣੀ ਸਾਹਿਬ ਵਾਸੀ ਸ੍ਰੀ ਹਰਭਜਨ ਸਿੰਘ ਨੇ ਆਪਣੇ ਘਰ ਦੇ ਬਿਜਲੀ ਮੀਟਰ ਦਾ ਲੋਡ ਵਧਾਉਣ ਲਈ ਅਪਲਾਈ ਕੀਤਾ ਗਿਆ। ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਵੱਲੋਂ ਮੌਕੇ ਤੇ ਹੀ ਬਿਜਲੀ ਮੀਟਰ ਦਾ ਲੋਡ ਵਧਾ ਦਿੱਤਾ ਗਿਆ। ਸ੍ਰੀ ਹਰਭਜਨ ਸਿੰਘ ਵੱਲੋਂ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੀ ਸ਼ਲਾਘਾ ਕੀਤੀ। ਸਰਕਾਰ ਤੁਹਾਡੇ ਦੁਆਰ ਕੈਂਪ ਵਿੱਚ ਵੱਖ-ਵੱਖ ਬੈਂਕਾਂ ਵੱਲੋਂ ਵੀ ਆਪਣੀਆਂ ਸੇਵਾਵਾਂ ਲਾਭਪਾਤਰੀਆਂ ਨੂੰ ਪ੍ਰਦਾਨ ਕੀਤੀਆ। ਇਸ ਕੈਂਪ ਦੌਰਾਨ ਮੌਕੇ ਤੇ ਹੀ ਹਰਵਿੰਦਰ ਸਿੰਘ, ਤਰਸੇਮ ਕੌਰ ਅਤੇ ਪ੍ਰੀਆ ਵਾਸੀ ਭੈਣੀ ਸਾਹਿਬ ਨੇ ਆਪਣੇ ਬੈਂਕ ਖ਼ਾਤੇ ਖੁਲਵਾਉਣ ਦਾ ਲਾਭ ਪ੍ਰਾਪਤ ਕੀਤਾ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਭੈਣੀ ਸਾਹਿਬ ਵਿੱਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਕੀਤਾ। ਕੈਂਪ ਵਿੱਚ ਉਪ ਮੰਡਲ ਮੈਜਿਸਟ੍ਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰ ਵਿਭਾਗਾਂ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਵੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਕਿਸੇ ਵੀ ਮਸਲੇ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਰਕਾਰ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਸਰਕਾਰੀ ਸੇਵਾਵਾਂ ਦਾ ਲਾਭ ਸਿੱਧੇ ਤੌਰ 'ਤੇ ਲੋਕਾਂ ਤੱਕ ਪਹੁੰਚਾਉਣ ਲਈ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਨਿਰਵਿਘਨ, ਮੁਸ਼ਕਲ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਜਾ ਕੇ ਹੱਲ ਕਰਨਾ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਭਾਗੀਦਾਰੀ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਇਆ ਜਾਵੇਗਾ। ਏ.ਡੀ.ਸੀ ਨੇ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਲੋਕ ਭਲਾਈ ਸਕੀਮਾਂ ਦੀ 100 ਪ੍ਰਤੀਸ਼ਤ ਵਰਤੋਂ ਹੋਣੀ ਚਾਹੀਦੀ ਹੈ।