- ਸਮੇਂ ਸਿਰ ਕੀਤਾ ਜਾਵੇ ਸ਼ਿਕਾਇਤਾਂ ਦਾ ਨਿਪਟਾਰਾ , ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼
- ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 19 ਜੂਨ 2024 : ਸਰਕਾਰੀ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਵੀ ਕੰਮ ਦੀ ਦੇਰੀ ਪ੍ਰਤੀ ਕਿਸੇ ਵੀ ਅਧਿਕਾਰੀ ਜਾ ਮੁਲਾਜਮ ਖਿਲਾਫ ਕੋਈ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਅਧੀਕਾਰੀਆਂ ਨੂੰ ਕਿਹਾ ਪੰਜਾਬ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕਰਨ ਲਈ ਵਚਨਬੱਧ ਹੈ, ਇਸ ਲਈ ਕਿਸੇ ਵੀ ਕਿਸਮ ਦੀ ਆਉਣ ਵਾਲੀ ਸ਼ਿਕਾਇਤ ਨੂੰ ਆਮ ਨਾ ਸਮਝਿਆ ਜਾਵੇ, ਬਲਕਿ ਪੂਰੀ ਗੰਭੀਰਤਾ ਨਾਲ ਲਿਆ ਜਾਵੇ। ਇਸਦੇ ਨਾਲ ਹੀ ਆਨਲਾਈਨ ਪੋਰਟਲ ਈ ਸੇਵਾ ਤੇ ਆਉਣ ਵਾਲੀਆਂ ਸ਼ਿਕਾਇਤਾਂ ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਧੀਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾਣ ਵਾਲੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਓਹਨਾ ਕਿਹਾ ਕਿ ਹਰੇਕ ਵਿਭਾਗ ਦਾ ਮੁਖੀ ਆਪਣੇ ਸਟਾਫ ਨਾਲ ਮੀਟਿੰਗ ਕਰਕੇ ਕੰਮਕਾਜ ਦੀ ਸਮੀਖਿਆ ਕੀਤੀ ਜਾਵੇ। ਓਹਨਾਂ ਕਿਹਾ ਕੇ ਲੰਮੇ ਸਮੇਂ ਤੋਂ ਇੱਕੋ ਸ਼ੀਟ ਤੇ ਕੰਮ ਕਰ ਰਹੇ ਕਰਮਚਾਰੀਆਂ ਦਾ ਰਿਕਾਰਡ ਚੈੱਕ ਕੀਤਾ ਜਾਵੇ ਜੇਕਰ ਓਹਨਾ ਦੀ ਸ਼ੀਟ ਦਾ ਕੰਮ ਲੰਬਿਤ ਹੈ ਤਾਂ ਉਸ ਕਰਮਚਾਰੀ ਦੀ ਤੁਰੰਤ ਬਦਲੀ ਕੀਤੀ ਜਾਵੇ। ਇਸ ਤੋਂ ਪਹਿਲਾਂ ਓਹਨਾ ਆਪਣੇ ਦਫਤਰ ਵਿੱਚ ਸਮੂਹ ਐੱਸ ਡੀ ਐਮ ਅਤੇ ਤਹਿਸੀਲਦਾਰਾਂ ਅਤੇ ਕਾਰਜ ਸਾਧਕ ਅਫ਼ਸਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਨਿਪਟਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਰਿਜ਼ਨਲ ਟਰਾਂਸਪੋਰਟ ਅਫਸਰ ਸ੍ਰੀ ਨਮਨ ਮੜਕਨ, ਸਿਵਲ ਸਰਜਨ ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।