ਸਿਹਤ ਵਿਭਾਗ ਵੱਲੋਂ ਹੈਪਾਟਾਇਟਸ ਅਤੇ ਨਸ਼ਿਆਂ ਸਬੰਧੀ ਏਕ ਓਂਕਾਰ ਨਸ਼ਾ ਛੁਡਾਉ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਗਰੁਕਤਾ ਸਮਾਗਮ

  • ਹੈਪਾਟਾਇਟਸ ਬੀ ਅਤੇ ਸੀ ਦੀ ਜਾਂਚ ਅਤੇ ਇਲਾਜ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁਫਤ ਕੀਤੇ ਜਾ ਰਹੇ ਹਨ: ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ

ਸ੍ਰੀ ਮੁਕਤਸਰ ਸਾਹਿਬ, 20 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਹੈਪਾਟਾਇਟਸ ਅਤੇ ਨਸ਼ਿਆਂ ਸਬੰਧੀ ਏਕ ਓਂਕਾਰ ਨਸ਼ਾ ਛੁਡਾਉ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਜਾਗਰੁਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਦੋਰਾਨ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਹੈਪੇਟਾਈਟਸ ਜਿਗਰ ਦੀ ਇੰਨਫੈਕਸ਼ਨ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ। ਪੰਜ ਕਿਸਮਾਂ ਦੇ ਵਿਸ਼ਾਣੂ ਤੋਂ ਲੋਕ ਸੰਕਰਮਿਤ ਹੋ ਜਾਂਦੇ ਹਨ ਜੋ ਕੀ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਇਸ ਵਿਚੋਂ ਹੈਪੇਟਾਈਟਸ ਸੀ ਅਤੇ ਬੀ ਜਿਆਦਾ ਖ਼ਤਰਨਾਕ ਹਨ ਜਿਨ੍ਹਾਂ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ। ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੇ ਸਾਰੀਆਂ ਗਰਭਵਤੀ ਔਰਤਾਂ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ, ਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ ਅਤੇ ਪ੍ਰਹੇਜ ਅਤੇ ਸਮੇਂ ਸਿਰ ਇਲਾਜ ਨਾਲ ਬੀਮਾਰੀ ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੀਆਂ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਆਪਣਾ ਹੈਪਾਟਾਇਟਸ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਅਤੇ ਜੇਕਰ ਗਰਭਵਤੀ ਔਰਤ ਹੈਪਾਟਾਇਟਸ ਬੀ ਪਾਜ਼ੀਟਿਵ ਹੈ ਤਾਂ ਜਨੇਪੇ ਸਮੇਂ ਉਸਦੇ ਨਵ ਜਨਮੇ ਬੱਚੇ ਨੂੰ ਤੁਰੰਤ 12 ਘੰਟੇ ਦੇ ਅੰਦਰ ਅੰਦਰ ਇਮੀਊਨੋ ਗਲੋਬਿਨ (ਐਚ.ਬੀ.ਆਈ.ਜੀ.) ਟੀਕਾ ਜਰੂਰ ਲਗਵਾਉਣ ਚਾਹੀਦਾ ਹੈ। ਜੋ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਉਸਦੇ ਨਵ ਜਨਮੇ ਬੱਚੇ ਨੂੰ ਹੈਪਾਟਾਇਟਸ ਬੀ ਬਰਥ ਡੋਜ਼ 24 ਘੰਟਿਆਂ ਦੇ ਅੰਦਰ ਅੰਦਰ ਪਹਿਲ ਦੇ ਅਧਾਰ ਤੇ ਲਗਵਾਉਣੀ ਚਾਹੀਦੀ ਹੈ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ,ਟੈਸਟ ਅਤੇ ਵਾਇਰਲ ਲੋਡ ਟੈਸਟ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਅਤੇ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ ਹੈਪਾਟਾਇਸ –ਸੀ ਦੇ 6545 ਮਰੀਜ ਆਪਣਾ ਮੁਫਤ ਇਲਾਜ ਕਰਵਾ ਚੁੱਕੇ ਹਨ ਅਤੇ ਹੈਪਾਟਾਇਟਸ – ਬੀ ਦੇ 112 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਟੀਕੇ ਲਗਾਉਣ ਨਾਲ ਇਹ ਬੀਮਾਰੀ ਦੇ ਕੇਸ ਵਧ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਹਰ ਤਰ੍ਹਾਂ ਦੇ ਨਸ਼ੇ ਬਿਨ੍ਹਾ ਕਿਸੇ ਸਰੀਰਿਕ ਤਕਲੀਫ ਤੋਂ ਮੁਫਤ ਛੁਡਵਾਏ ਜਾਂਦੇ ਹਨ। ਇਸ ਲਈ ਸਿਹਤ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈ ਕੇ ਹਰ ਤਰ੍ਹਾਂ ਦੇ ਨਸ਼ੇ ਛੱਡਣੇ ਚਾਹੀਦੇ ਹਨ ਤਾਂ ਜੋ ਭਿਆਨਕ ਬੀਮਾਰੀਆਂ ਤੋਂ ਬਚ ਸਕੀਏ। ਇਸ ਮੌਕੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹੈਪੇਟਾਈਟਸ- ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਵਿੱਚ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮੋਜਰੀ, ਉਲਟੀਆਂ ਆਉਣਾ ਅਤੇ ਭੁੱਖ ਨਾ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ, ਜਿਸ ਨਾਲ ਜਿਗਰ ਦੀ ਸੋਜ ਅਤੇ ਜਿਗਰ ਦਾ ਕੈਂਸਰ ਹੋ ਸਕਦਾ ਹੈ। ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਇਨ੍ਹਾਂ ਬਿਮਾਰੀਆਂ ਦਾ ਇਲਾਜ ਨਹੀਂ ਕਰਵਾਇਆ ਜਾਂਦਾ ਤਾਂ ਇਹ ਬਿਮਾਰੀਆਂ ਜਾਣਲੇਵਾ ਸਾਬਿਤ ਹੋ ਸਕਦੀਆਂ ਹਨ। ਇਸ ਮੌਕੇ ਰੁਬੀਨਾ ਐਸ ਦਿਮਾਗੀ ਰੋਗਾਂ ਅਤੇ ਨਸ਼ੇ ਛੁਡਵਾਉਣ ਦੇ ਮਾਹਿਰ ਏਕ ਓਂਕਾਰ ਨਸ਼ਾ ਛੁਡਾਉ ਕੇਂਦਰ ਨੇ  ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਆਏ ਹੋਏ ਲੋਕਾਂ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਦਿੱਤੀ ਗਈ ਜਾਣਕਾਰੀ ਤੇ ਅਮਲ ਕਰਕੇ ਤੰਦਰੁਸਤ ਰਹਿਣ ਲਈ ਕਿਹਾ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਜਸਕੀਰਤ ਸਿੰਘ ਮੈਨੇਜ਼ਰ, ਰਵੀ ਕੁਮਾਰ ਅਤੇ ਏਕ ਓਂਕਾਰ ਨਸ਼ਾ ਛੁਡਾਉ ਕੇਂਦਰ ਦਾ ਸਟਾਫ ਅਤੇ ਆਮ ਲੋਕ ਹਾਜ਼ਰ ਸਨ।