- ਦੀਵਾਨ ਟੋਡਰ ਮੱਲ ਹਵੇਲੀ ਦੀ ਰੈਨੋਵੇਸ਼ਨ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 13 ਜੂਨ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੀ ਦੀਵਾਨ ਟੋਡਰ ਮੱਲ ਹਵੇਲੀ ਦੇ ਚੱਲ ਰਹੇ ਕੰਮ ਕਾਜ ਦਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ. ਹਰਪ੍ਰੀਤ ਸਿੰਘ ਅਟਵਾਲ ਅਤੇ ਤਹਿਸੀਲਦਾਰ ਬਾਦਲਦੀਨ ਸਮੇਤ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਇਹ ਧਰਤੀ ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਤੇ ਸਥਿਤ ਇਮਾਰਤਾਂ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਕੇ ਨੌਜਵਾਨ ਪੀੜ੍ਹੀ ਲਈ ਇੱਕ ਵਿਰਾਸਤ ਵਜੋਂ ਸਾਂਭਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਇਸ ਦੀ ਮਹੱਤਤਾ ਤੋਂ ਪ੍ਰੇਰਨਾ ਲੈ ਸਕੇ। ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਹਵੇਲੀ ਵਰਗੀਆਂ ਇਤਿਹਾਸਕ ਇਮਾਰਤਾਂ ਸਾਡੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਹਨ ਜਿਨ੍ਹਾਂ ਦੀ ਸਾਂਭ ਸੰਭਾਲ ਕਰਨਾ ਹਰੇਕ ਨਾਗਰਿਕ ਦਾ ਫਰ਼ਜ ਹੈ। ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਖਰੀਦੀ ਸੀ ਜਿਸ ਦੀ ਮਿਸਾਲ ਦੁਨੀਆਂ ਭਰ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਨੂੰ ਇਤਿਹਾਸ ਵਿੱਚ ਵੱਖਰਾ ਸਥਾਨ ਹਾਸਲ ਹੈ ਅਤੇ ਉਨ੍ਹਾਂ ਦੀ ਵਿਰਾਸਤੀ ਹਵੇਲੀ ਸਾਨੂੰ ਅੱਜ ਵੀ ਹੱਕ ਤੇ ਸੱਚ ਲਈ ਲੜ੍ਹਨ ਦੀ ਪ੍ਰੇਰਨਾ ਦਿੰਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਇਥੇ ਸਥਿਤ ਪੁਰਾਤਨ ਇਮਾਰਤਾਂ ਜਿਵੇਂ ਕਿ ਦੀਵਾਨ ਟੋਡਰ ਮੱਲ ਹਵੇਲੀ, ਆਮ ਖਾਸ ਬਾਗ, ਸਧਨੇ ਕਸਾਈ ਦੀ ਮਸੀਤ ਅਤੇ ਉਸਤਾਦ ਸ਼ਗਿਰਦ ਵਰਗੀਆਂ ਇਤਿਹਾਸਕ ਇਮਾਰਤਾਂ ਨੂੰ ਮੁੜ ਤੋਂ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ।