ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ ਤੋਂ ਵੱਧ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ

ਮੰਡੀ ਅਰਨੀਵਾਲਾ, 21 ਮਾਰਚ 2025 : ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਪੂਰੇ ਹੋ ਚੁੱਕੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਲਈ ਮੰਡੀ ਅਰਨੀਵਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਰਨੀ ਵਾਲਾ ਦੇ ਵਾਰਡ ਨੰ 6 ਵਿਖ਼ੇ 27 ਲੱਖ 32 ਹਜ਼ਾਰ ਰੁਪਏ ਨਾਲ਼ ਧਰਮਸ਼ਾਲਾ ਅਤੇ ਵਾਰਡ ਨੰ 2 ਵਿਖ਼ੇ 23 ਲੱਖ 76 ਹਜ਼ਾਰ ਰੁਪਏ ਨਾਲ਼ ਸ਼ਿਵਭੂਮੀ ਦੀ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ। ਇਸੇ ਤਰਾਂ ਉਨ੍ਹਾਂ ਨੇ ਅਰਨੀ ਵਾਲਾ ਬੀ.ਡੀ.ਪੀ.ਓ ਦਫ਼ਤਰ ਵਿਖ਼ੇ ਵੱਖ ਵੱਖ 4 ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਵੰਡੇ ਅਤੇ ਨਾਲ਼ ਹੀ ਸਾਰੇ ਸਰਪੰਚ ਸਾਹਿਬਾਨਾਂ ਅਤੇ ਅਫਸਰਾਂ ਸਾਹਿਬਾਨ ਨਾਲ਼ ਮੀਟਿੰਗ ਕੀਤੀ ਅਤੇ ਹਲਕੇ ਦੇ ਪਿੰਡਾਂ ਦੇ ਵਿਕਾਸ ਦੀ ਰੂਪ ਰੇਖਾ ਤਿਆਰ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਰਨੀ ਵਾਲਾ ਦੇ ਛੱਪੜ ਦਾ ਜਾਇਜਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਇਸ ਨੂੰ ਵਿਵਸਥਿਤ ਅਤੇ ਵਿਕਸਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਹੁਣ ਇਹ ਗੰਦਾ ਛੱਪੜ ਨਹੀਂ ਰਹੇਗਾ ਸਗੋਂ ਇਸਦਾ ਸੁੰਦਰੀਕਰਨ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਹਲਕੇ ਦੇ ਬਲਾਕ ਅਰਨੀ ਵਾਲਾ ਦੀ ਢਾਣੀ ਵਿਸਾਖਾ ਸਿੰਘ ਵਿਖ਼ੇ 12 ਲੱਖ 6 ਹਜ਼ਾਰ ਰੁਪਏ ਨਾਲ਼ ਆਂਗਣਵਾੜੀ ਅਤੇ ਢਾਣੀ ਚੰਡੀਗੜ੍ਹ ਵਿਖ਼ੇ 27 ਲੱਖ 84 ਹਜ਼ਾਰ ਨਾਲ਼ ਸ਼ਿਵਭੂਮੀ ਦੀ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਵਿਕਾਸ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਸੜਕਾਂ ਦੇ ਬਕਾਇਆ ਕੰਮ ਵੀ ਜਲਦ ਹੋਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਲਾਕੇ ਦੇ ਪਿੰਡਾਂ ਵਿਚੋਂ ਸੇਮ ਦੀ ਸਮੱਸਿਆ ਦਾ ਖਾਤਮਾ ਕਰਨ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਪੈਸਾ ਲੋਕਾਂ ਦਾ ਪੈਸਾ ਹੈ ਅਤੇ ਲੋਕਾਂ ਤੇ ਹੀ ਲਗਾਇਆ ਜਾਵੇਗਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨਸ਼ੇ ਖਤਮ ਕਰਨ ਲਈ ਦ੍ਰਿੜ ਸੰਕਲਪਿਤ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਰੰਭ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਜੁੜਨ। ਉਨ੍ਹਾਂ ਨੇ ਕਿਹਾ ਕਿ ਲੋਕ ਮਾੜੇ ਅਨਸਰਾਂ ਦੀ ਸੂਚਨਾਂ ਪੁਲਿਸ ਨੂੰ ਬਿਨ੍ਹਾਂ ਕਿਸੇ ਡਰ ਦੇ ਦੇਣ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਕਾਰਵਾਈ ਕੀਤੀ ਜਾਵੇਗੀ।