
- ਯੁੱਧ ਨਸ਼ਿਆਂ ਵਿਰੁੱਧ, ਨਸ਼ਾ ਤਸਕਰਾ ਨੂੰ ਚਿਤਾਵਨੀ
- ਪਿਛਲੀਆਂ ਸਰਕਾਰਾਂ ਵੱਲੋਂ ਬੀਜੇ ਕੰਡੇ ਮਾਨ ਸਰਕਾਰ ਚੁਗ ਰਹੀ ਹੈ : ਅਮਨਸ਼ੇਰ ਸਿੰਘ ਸ਼ੈਰੀ ਕਲਸੀ
- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਪਹਿਰੇਦਾਰਾਂ ਲਈ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ
ਫਾਜ਼ਿਲਕਾ, 4 ਮਈ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਇਸ ਮੁਹਿੰਮ ਦੇ ਸਿਪਾਹੀ ਬਣਨ ਦੀ ਸਹੁੰ ਚੁਕਾਉਣ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਨਸ਼ੇ ਵੇਚਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਾਂ ਤਾਂ ਉਹ ਇਹ ਮਾੜਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਜਾਣ। ਇਥੇ ਇੱਕ ਵੱਡੀ ਜਨਸਭਾ ਨੂੰ ਸੰਬੋਧਨ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਹੁਣ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਭੇਜਣ ਵਾਲਿਆਂ ਨੂੰ ਅੱਗੋਂ ਨਸ਼ਾ ਚੁੱਕਣ ਲਈ ਬੰਦੇ ਨਹੀਂ ਮਿਲ ਰਹੇ ਕਿਉਂਕਿ ਪੰਜਾਬ ਸਰਕਾਰ ਦੀ ਸਖਤੀ ਤੋਂ ਬਾਅਦ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਨੂੰ ਕਾਨੂੰਨ ਦਾ ਡਰ ਪੈਦਾ ਹੋਇਆ ਹੈ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਢਿੱਲੀ ਕਾਰਗੁਜਾਰੀ ਕਰਕੇ ਨਸ਼ੇ ਵਧੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਦ੍ਰਿੜਤਾ ਨਾਲ ਸ਼ੁਰੂ ਕੀਤੇ ਇਸ ਅਭਿਆਨ ਨਾਲ ਮਾੜੇ ਅਨਸਰਾਂ ਨੂੰ ਲਗਾਮ ਲੱਗੀ ਹੈ। ਉਹਨਾਂ ਨੇ ਪਿੰਡਾਂ ਦੇ ਪਹਿਰੇਦਾਰ ਬਣੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਤੁਸੀਂ ਸਮਾਜ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦੇਣੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਤੁਹਾਡਾ ਨਾਂਅ ਵੀ ਇਤਿਹਾਸ ਵਿੱਚ ਦਰਜ ਹੋਵੇਗਾ ਅਤੇ ਤੁਸੀਂ ਇਸ ਵਿੱਚ ਵੱਧ ਚੜ ਕੇ ਸਹਿਯੋਗ ਕਰੋ। ਉਹਨਾਂ ਨੇ ਸਭ ਨੂੰ ਨਸ਼ਿਆਂ ਖਿਲਾਫ ਲੜਨ ਲਈ ਸਹੁੰ ਵੀ ਚੁਕਾਈ। ਇਸ ਤੋਂ ਪਹਿਲਾਂ ਬੋਲਦਿਆਂ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸਾਰੇ ਜਣੇ ਇਹ ਪ੍ਰਣ ਕਰੀਏ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਈਏ ਅਤੇ ਜੇਕਰ ਕੋਈ ਨਸ਼ਾ ਤਸਕਰ ਫੜਿਆ ਜਾਵੇ ਤਾਂ ਉਸ ਦਾ ਕੋਈ ਸਾਥ ਨਾ ਦੇਵੇ ਅਤੇ ਨਾ ਹੀ ਕੋਈ ਉਸਦੀ ਜਮਾਨਤ ਕਰਾਵੇ । ਉਹਨਾਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪਿਛਲੀਆਂ ਸਰਕਾਰਾਂ ਵੱਲੋਂ ਬੀਜੇ ਗਏ ਕੰਡੇ ਮਾਨ ਸਰਕਾਰ ਚੁਗ ਰਹੀ ਹੈ। ਉਹਨਾਂ ਨੇ ਕਿਹਾ ਕਿ ਇੱਕ ਪਾਸੇ ਨਸ਼ੇ ਤਸਕਰਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ ਦੂਜੇ ਪਾਸੇ ਨਸ਼ੇ ਪੀੜਤਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਮਹਿਮਾਨ ਵਜੋਂ ਬੋਲਦਿਆਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਪੁਲਿਸ ਨੂੰ ਬਿਨਾਂ ਕਿਸੇ ਦਖਲ ਦੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦੇ ਅਧਿਕਾਰ ਦਿੱਤੇ ਗਏ ਹਨ ਉਥੇ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਅਧਿਕਾਰੀ ਦੇ ਖੇਤਰ ਵਿੱਚ ਨਸ਼ਾ ਵਿਕੇਗਾ ਤਾਂ ਉਸਦੀ ਜਿੰਮੇਵਾਰੀ ਤੈਅ ਹੋਵੇਗੀ। ਉਹਨਾਂ ਨੇ ਇਸ ਮੌਕੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਹੁੰਦੀ ਸੀ ਪਰ ਮਾਨ ਸਰਕਾਰ ਨਸ਼ਾ ਤਸਕਰਾਂ ਨੂੰ ਜੇਲਾਂ ਵਿੱਚ ਬੰਦ ਕਰ ਰਹੀ ਹੈ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕੀਤੀ ਅਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਜਦ ਆਪਾਂ ਸਾਰੇ ਲੋਕ ਇਸ ਮੁਹਿੰਮ ਵਿੱਚ ਜੁੜਾਂਗੇ ਤਾਂ ਨਿਸ਼ਚੇ ਹੀ ਜਿੱਤ ਪੰਜਾਬ ਦੀ ਹੋਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਅਬੋਹਰ ਦੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਬੱਬੂ ਚੇਤੀਵਾਲ, ਸੁਖਮਨ ਸਿੰਘ ਸੰਧੂ ਵੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਕੰਵਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਸੀਐਮਐਫਓ ਰੂਪਾਲੀ ਟੰਡਨ ਤੋਂ ਇਲਾਵਾ ਕਰਨ ਕਟਾਰੀਆ ਵੀ ਹਾਜ਼ਰ ਸਨ।