ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦਿਆਂ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 17 ਅਕਤੂਬਰ 2024 : ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪਿਛਲੇ ਸਮਿਆਂ ਵਿੱਚ ਕਿਸਾਨਾਂ ਵੱਲੋਂ ਅਕਸਰ ਹੀ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਅਤੇ ਆਮ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਹੈ। ਇਸ ਸਬੰਧੀ ਸਰਕਾਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਖ਼ਤ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ । ਪੰਜਾਬ ਰਾਜ ਵਿੱਚ ਝੋਨੇ ਦੀ ਪਰਾਲੀ ਨੂੰ ਸਾਂਭ-ਸੰਭਾਲ ਲਈ ਰਾਜ ਸਰਕਾਰ ਵੱਲੋਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜ੍ਹਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਸ੍ਰੀ ਰਾਜੇਸ਼ ਤ੍ਰਿਪਾਠੀ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਮਾਜ ਵਿੱਚ ਇਹ ਸੁਨੇਹਾ ਦੇਣ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਦੀ ਸਾਂਭ-ਸੰਭਾਲ ਵਾਤਾਵਰਣ ਨੂੰ ਮੁੱਖ ਰੱਖਦੇ ਹੋਏ ਸੁਚੱਜੇ ਢੰਗ ਨਾਲ ਕੀਤੀ ਜਾਵੇ । ਚੁਣੇ ਹੋਏ ਨੁਮਾਇੰਦਿਆਂ ਅਤੇ ਸਰਕਾਰੀ ਕਰਮਚਾਰੀਆਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ  ਕਿ ਉਹ ਆਪਣੀ ਮਾਲਕੀ ਵਾਲੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ। ਜੇਕਰ ਉਹਨਾਂ ਦੁਆਰਾ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਲੰਘਣਾ ਕਰਨ ਵਾਲਿਆ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।