
- ਅਧਿਕਾਰੀਆਂ ਨੂੰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਚੱਲ ਰਹੇ ਕਾਰਜ਼ਾਂ 'ਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼
ਲੁਧਿਆਣਾ, 21 ਫਰਵਰੀ 2025 : ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਚਤ ਭਵਨ ਵਿਖੇ ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਨਾਲ-ਨਾਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਤੇ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਕਾਰਜ਼ਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਵਿਧਾਇਕ ਮਦਨ ਲਾਲ ਬੱਗਾ ਨੇ ਕੀਤੀ, ਜਿਸ ਵਿੱਚ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ, ਇੰਦਰਜੀਤ ਕੌਰ ਮਾਨ, ਅਜੀਤਪਾਲ ਸਿੰਘ ਕੋਹਲੀ, ਡਾ. ਜੀਵਨਜਯੋਤ ਕੌਰ, ਡਾ. ਅਮਨਦੀਪ ਕੌਰ ਅਰੋੜਾ ਅਤੇ ਕੁਲਜੀਤ ਸਿੰਘ ਰੰਧਾਵਾ ਸ਼ਾਮਲ ਸਨ। ਮੀਟਿੰਗ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੀ ਸ਼ਾਮਲ ਹੋਏ। ਕਮੇਟੀ ਨੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨਾਲ-ਨਾਲ ਸਟਰੀਟ ਲਾਈਟਾਂ ਅਤੇ ਸੀਵਰੇਜ ਸਿਸਟਮ ਨਾਲ ਸਬੰਧਤ ਮੁੱਦਿਆਂ 'ਤੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਸਥਾਨਕ ਸਰਕਾਰਾਂ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮਾਂ/ਕਮੇਟੀਆਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ, ਲੁਧਿਆਣਾ ਪੱਛਮੀ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ, ਜਿਨ੍ਹਾਂ ਦਾ ਇਸ ਸਾਲ ਦੇ ਸ਼ੁਰੂ ਵਿੱਚ ਦੇਹਾਂਤ ਹੋ ਗਿਆ ਸੀ। ਮੀਟਿੰਗ ਤੋਂ ਬਾਅਦ, ਚੇਅਰਮੈਨ ਵਿਧਾਇਕ ਬੱਗਾ ਦੀ ਅਗਵਾਈ ਵਿੱਚ ਕਮੇਟੀ ਮੈਂਬਰਾਂ ਨੇ ਹੰਬੜਾਂ ਰੋਡ 'ਤੇ ਸਥਿਤ ਹੈਬੋਵਾਲ ਡੇਅਰੀ ਕੰਪਲੈਕਸ ਅਤੇ ਨਗਰ ਨਿਗਮ ਵਰਕਸ਼ਾਪ ਦਾ ਵੀ ਦੌਰਾ ਕੀਤਾ।