ਬਰਨਾਲਾ, 21 ਅਕਤੂਬਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀ ਹਦਾਇਤਾਂ ਅਤੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਸ੍ਰੀ ਬੀ.ਬੀ.ਐੱਸ.ਤੇਜੀ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਅਤੇ ਸ੍ਰੀ ਗੁਰਬੀਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਦੇਖ ਰੇਖ ਹੇਠ ਜਿਲ੍ਹਾ ਕਚਹਿਰੀਆਂ,ਬਰਨਾਲਾ ਵਿਖੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਜਿਨ੍ਹਾਂ ਵਿੱਚ ਮੋਟਰ ਐਂਕਸੀਡੈਂਟ ਕਲੇਮ, ਲੈਂਡ ਐਕੁਜੀਸ਼ਨ ਕੇਸ ਅਤੇ ਪਰਿਵਾਰਿਕ ਝਗੜੇ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਸ਼੍ਰੀ ਦਵਿੰਦਰ ਕੁਮਾਰ ਗੁਪਤਾ ਮਾਨਯੋਗ ਵਧੀਕ ਜਿਲ੍ਹਾ ਅਤੇ ਸ਼ੈਸਨਜ਼ ਜੱਜ, ਸ਼੍ਰੀ ਅਮਿਤ ਥਿੰਦ ਮਾਨਯੋਗ ਪ੍ਰਿਸੀਪਲ ਜੱਜ ਫੈਮਲੀ ਕੋਰਟ ਅਤੇ ਸ੍ਰੀ ਚੇਤਨ ਸ਼ਰਮਾ ਮਾਨਯੋਗ ਸਿਵਲ ਜੱਜ (ਜ.ਡ.) ਦੇ ਕੁੱਲ 3 ਬੈਂਚਾਂ ਦਾ ਗਠਨ ਕੀਤਾ ਗਿਆ। ਅੱਜ ਦੀ ਇਸ ਲੋਕ ਅਦਾਲਤ ਵਿੱਚ ਕੁੱਲ 72 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 28 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੀਤੇ ਗਏ ਇਸ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 2,47,85,370/— ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਤੇ ਸ੍ਰੀ ਬੀ.ਬੀ.ਐੱਸ ਤੇਜੀ, ਮਾਨਯੋਗ ਜਿਲ੍ਹਾ ਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦੇ ਹੋਏ ੳਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਦੋਵੇ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ।