
ਰਾਏਕੋਟ, 18 ਮਾਰਚ 2025 : ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰਕਾਨੂੰਨੀ ਕਬਜਿਆਂ ਤੇ ਪੀਲਾ ਪੰਜਾ ਚਲਾਕੇ ਢਾਹਿਆ ਜਾ ਰਿਹਾ ਹੈ। ਇਸ ਤਹਿਤ ਅੱਜ ਲੁਧਿਆਣਾ (ਦਿਹਾਤੀ) ਦੇ ਐਸਐਸਪੀ ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਪੰਚਾਇਤ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਚਾਇਤੀ ਜ਼ਮੀਨ ਵਿੱਚ ਬਣਿਆ ਇੱਕ ਘਰ ਢਾਹਿਆ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਨਸ਼ਾ ਤਸਕਰਾ ਜਾਂ ਨਸ਼ਿਆਂ ਵਿੱਚ ਸ਼ਾਮਲ ਲੋਕਾਂ ਦੀਆਂ ਗੈਰ ਕਾਨੂੰਨੀ ਬਣੇ ਘਰਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਪਿੰਡ ਬੁਰਜ ਹਰੀ ਸਿੰਘ ਤੇ 12 ਨਸ਼ੀਲੇ ਪਦਾਰਥਾਂ ਦੇ ਮਾਮਲੇ ਦਰਜ ਹਨ, ਉਸਦੀ ਪਤਨੀ ਸੋਨੀ ਕੌਰ ਤੇ ਚਾਰ ਮਾਮਲੇ ਦਰਜ ਹਨ, ਉਨ੍ਹਾਂ ਦੇ ਪੁੱਤਰਾਂ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਤੇ 5-5 ਮਾਮਲੇ ਦਰਜ ਹਨ, ਜੋ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਸਐਸ) ਐਕਟ ਦੇ ਤਹਿਤ ਕੁੱਲ 26 ਮਾਮਲੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੀ ਇਹ ਕਾਰਵਾਈ ਵਿੱਚ ਕਿਸੇ ਗੜਬੜ ਨੂੰ ਰੋਕਣ ਲਈ ਭਾਰੀ ਫੋਰਸ ਦੀ ਤੈਨਾਤ ਕੀਤੀ ਗਈ ਸੀ। ਐਸਐਸਪੀ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਿਸੇ ਵੀ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੁਲਿਸ ਦੀ ਇਸ ਕਾਰਵਾਈ ਤੇ ਲੱਡੂ ਵੀ ਵੰਡੇ ਗਏ। ਇਸ ਮੌਕੇ ਐਸਪੀ ਰਮਿੰਦਰ ਸਿੰਘ ਦਿਓਲ, ਡੀਐਸਪੀ ਰਾਏਕੋਟ ਹਰਜਿੰਦਰ ਸਿੰਘ, ਡੀਐਸਪੀ ਇੰਦਰਜੀਤ ਸਿੰਘ ਬੋਪਰਾਏ, ਐਸਐਚਓ ਥਾਣਾ ਸਦਰ ਰਾਏਕੋਟ ਕੁਲਵਿੰਦਰ ਸਿੰਘ, ਐਸਐਚਓ ਥਾਣਾ ਸਿਟੀ ਅਮਰਜੀਤ ਸਿੰਘ, ਏਐਸਆਈ ਲਖਵੀਰ ਸਿੰਘ, ਏਐਸਆਈ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।