- ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ, ਕਿਹਾ- ਅਪਰਾਧੀਆਂ 'ਚ ਕਾਨੂੰਨ ਦਾ ਡਰ ਖਤਮ ਹੋਇਆ
ਮੋਹਾਲੀ, 09 ਮਾਰਚ : ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਪਿੰਡ ਬਾਕਰਪੁਰ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਨੂੰ ਭੇਂਟ ਕੀਤਾ ਗਿਆ। ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ ਹੈ, ਕਿਉਂਕਿ ਅੱਜ ਵੀ ਜ਼ਿਆਦਾਤਰ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ। ਉਨ੍ਹਾਂ ਨੇ ਪਿੰਡ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਹ ਅੱਜ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਇਸ ਦੌਰਾਨ ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਬਾਰੇ ਵੀ ਚਿੰਤਾ ਜ਼ਾਹਰ ਕੀਤੀ, ਜੋ ਹਰ ਪਬਲਿਕ ਮੀਟਿੰਗ ਦੌਰਾਨ ਲੋਕਾਂ ਲਈ ਚਿੰਤਾ ਦਾ ਮੁੱਖ ਮੁੱਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਤਲ, ਲੁੱਟ-ਖੋਹ ਵਰਗੀਆਂ ਅਪਰਾਧਿਕ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲਿਆ ਜਾ ਰਿਹਾ ਹੈ, ਉਸ ਤੋਂ ਸਪੱਸ਼ਟ ਹੈ ਕਿ ਅਪਰਾਧੀਆਂ ਵਿਚ ਕਾਨੂੰਨ ਦਾ ਡਰ ਖਤਮ ਹੋ ਗਿਆ ਹੈ। ਸੂਬਾ ਸਰਕਾਰ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਅਰਾਜਕਤਾ ਦਾ ਮਾਹੌਲ ਹੈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਪੰਚ ਜਗਤਾਰ ਸਿੰਘ, ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਹਰਸ਼ਬੀਰ ਸਿੰਘ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ ਜੈਲਦਾਰ, ਹਰੀ ਸਿੰਘ, ਗੁਰਵਿੰਦਰ ਸਿੰਘ ਸਰਪੰਚ ਨਡਿਆਲੀ, ਗੁਰਬੇਲ ਸਿੰਘ ਲੰਬੜਦਾਰ ਵੀ ਹਾਜ਼ਰ ਸਨ।