ਸਾਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ, 8 ਤੋਂ 17 ਅਕਤੂਬਰ ਤੱਕ ਲੱਗੇਗਾ ਸਾਰਸ ਮੇਲਾ

ਸੰਗਰੂਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਨਾਲ-ਨਾਲ ਦੂਜੇ ਰਾਜਾਂ ਦੇ ਵਿਰਸੇ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਾਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ ਨੇ ਕਿਹਾ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਲਿਪਕਾਰਾਂ ਤੇ ਦਸਤਕਾਰਾਂ ਦੀ ਰਿਹਾਇਸ਼ ਸਮੇਤ ਹੋਰ ਢੁਕਵੇਂ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਵਾਲੀਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਮੇਲੇ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਲਿਪਕਾਰ ਤੇ ਦਸਤਕਾਰ 200 ਤੋਂ ਵੱਧ ਸਟਾਲਾਂ ਰਾਹੀਂ ਆਪਣੇ ਸਮਾਨ ਦੀ ਵਿਕਰੀ ਕਰਨਗੇ ਅਤੇ ਵੱਖ ਵੱਖ ਸੂਬਿਆਂ ਦੇ ਪਕਵਾਨ ਅਤੇ ਵੰਨ ਸੁਵੰਨੇ ਝੂਲੇ ਮੇਲੇ ਦੌਰਾਨ ਆਕਰਸ਼ਣ ਦਾ ਕੇਂਦਰ ਬਣਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਸਿੱਧ ਗਾਇਕ ਵਿਸ਼ੇਸ਼ ਤੌਰ ਉੱਤੇ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਭਰਵਾਂ ਮਨੋਰੰਜਨ ਕਰਨਗੇ। ਵਾਲੀਆ ਨੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਵਿਸਥਾਰ ਵਿਚ ਜਾਇਜ਼ਾ ਲਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਮੇਲੇ ਦੌਰਾਨ ਸੁਰੱਖਿਆ, ਪਾਰਕਿੰਗ, ਸੁਚਾਰੂ ਆਵਾਜਾਈ ਪ੍ਰਕਿਰਿਆ ਆਦਿ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸਡੀਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸਡੀਐਮ ਸੁਨਾਮ ਜਸਪ੍ਰੀਤ ਸਿੰਘ, ਐਸਡੀਐਮ ਭਵਾਨੀਗੜ੍ਹ ਵਨੀਤ ਕੁਮਾਰ, ਐਸਡੀਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।