ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਲੁਧਿਆਣਾ 'ਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸ਼ਕ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ. ਉਨ੍ਹਾਂ ਕਿਹਾ ਕਿ ਹਫ਼ਤਾਵਾਰ ਦੇ ਅਧਾਰ 'ਤੇ ਲੁਧਿਆਣਾ ਦੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਣਤਾਈ ਪਾਏ ਜਾਣ 'ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਮ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਖ-ਵੱਖ ਯੋਜਨਾਵਾਂ ਅਤੇ ਸਮਾਰਟ ਸਿਟੀ ਪ੍ਰੋਗਰਾਮ ਤਹਿਤ ਪ੍ਰਾਜੈਕਟਾਂ ਨੂੰ ਤੈਅ ਸਮੇਂਂ ਵਿੱਚ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਕੰਮ ਜਲਦ ਪੂਰਾ ਕਰ ਲਿਆ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਦਾ ਲਾਭ ਪਹੁੰਚ ਸਕੇ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਲੁਧਿਆਣਾ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਦੌਰ ਆਵੇਗਾ।