- ਹਰੇਕ ਜ਼ਿਲ੍ਹੇ ਵਿਚ ਹਰ ਮਹੀਨੇ ਦਿੱਤੇ ਜਾਣਗੇ 10 ਇਨਾਮ
ਫਰੀਦਕੋਟ, 31 ਅਗਸਤ : ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਕੱਲ ਤੋਂ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਇਹ ਸਕੀਮ ਖਪਤਕਾਰਾਂ ਨੂੰ ਕੋਈ ਵੀ ਵਸਤੂ ਖਰੀਦ ਕਰਨ ਮੌਕੇ ਡੀਲਰਾਂ ਤੋਂ ਬਿੱਲ ਲੈਣ ਲਈ ਉਤਸ਼ਾਹਤ ਕਰੇਗੀ। ਇਸ ਦੇ ਨਾਲ ਹੀ ਇਹ ਸਕੀਮ ਡੀਲਰਾਂ ਨੂੰ ਵਿਕਰੀ ਬਦਲੇ ਬਿੱਲ ਦੇਣ ਲਈ ਪਾਬੰਦ ਕਰੇਗੀ। ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਣਗੇ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਕਿ ਟੈਕਸ ਦੀ ਪਾਲਣਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ।