- ਵਿਧਾਇਕ ਭਰਾਜ ਨੇ ਨਵੇਂ ਮੈਡੀਕਲ ਅਫਸਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ
ਸੰਗਰੂਰ, 27 ਜੂਨ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਹ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਮਪੈਨਲਮੇਂਟ ਤਹਿਤ ਵਾਕ ਇੰਨ ਇੰਟਰਵਿਊ ਦੇ ਅਧਾਰ ਉੱਤੇ ਚੁਣੇ ਗਏ 12 ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਇਨ੍ਹਾਂ ਤਾਇਨਾਤੀਆਂ ਨਾਲ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਮ.ਬੀ.ਬੀ.ਐਸ ਯੋਗਤਾ ਵਾਲੇ ਇਹ ਮੈਡੀਕਲ ਅਫ਼ਸਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਵਧੇਰੇ ਤਨਦੇਹੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਵਿਧਾਇਕ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਗਠਿਤ ਚੋਣ ਕਮੇਟੀ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਨਿਰੋਲ ਯੋਗਤਾ ਦੇ ਆਧਾਰ ’ਤੇ ਇਨ੍ਹਾਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਹੁਣ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਵਿੱਚ ਪਹਿਲਾਂ ਨਾਲੋਂ ਵੀ ਜਿਆਦਾ ਸੁਧਾਰ ਲਿਆਉਣ ਲਈ ਸਰਗਰਮ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲਿਨਿਕਾਂ ਵਿੱਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਸਥਾਈ ਤੌਰ ’ਤੇ ਦੂਰ ਕਰ ਦਿੱਤਾ ਗਿਆ ਹੈ ਜਿਸ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡਾ ਨਿਖਾਰ ਆਵੇਗਾ।