ਨਾਵਲਕਾਰ ਨਾਨਕ ਸਿੰਘ ਦੇ ਨਾਵਲਾਂ 'ਚ ਪੰਜਾਬ ਦੇ ਅੱਧੀ ਸਦੀ ਦਾ ਬਿਰਤਾਂਤ ਮੌਜੂਦ : ਕੈਬਨਿਟ ਮੰਤਰੀ

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੌਰਾਨ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਇੱਥੇ ਮੁੱਖ ਦਫਤਰ ਵਿਖੇ ਨਾਵਲਕਾਰ ਨਾਨਕ ਸਿੰਘ ਦੇ 125ਵੇਂ ਜਨਮ ਦਿਨ ਨੂੰ ਸਮਰਪਿਤ ਗੋਸ਼ਟੀ ਕਰਵਾਈ ਗਈ। ਵਿਭਾਗ ਦੀ ਸੰਯੁਕਤ ਡਾਇਰਕੈਟਰ ਡਾ. ਵੀਰਪਾਲ ਕੌਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਮੁੱਖ ਮਹਿਮਾਨ ਵਜੋਂ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਵੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਆਲੋਚਕ ਡਾ. ਸੁਰਜੀਤ ਸਿੰਘ ਭੱਟੀ ਕੀਤੀ। ਡਾ. ਸੁਰਜੀਤ ਸਿੰਘ ਨੇ ਮੁੱਖ ਵਕਤਾ ਵਜੋਂ ਅਤੇ ਡਾ. ਹਰਸਿਮਰਨ ਸਿੰਘ ਰੰਧਾਵਾ ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ। ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਵਿਭਾਗ ਵੱਲੋਂ ਨਾਵਲਕਾਰ ਨਾਨਕ ਸਿੰਘ ਸਬੰਧੀ ਛਾਪੇ ਗਏ ਸਾਹਿਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਭਾਗ ਦੀਆਂ ਯੋਜਨਾਵਾਂ ਤੇ ਸਰਗਰਮੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਹਿਤ ਨੂੰ ਸਮਾਜ ਨਾਲ ਜੋੜਕੇ ਕਲਾਤਮਕ ਤਰੀਕੇ ਨਾਲ ਸਿਰਜਿਆ ਜਾਣਾ ਚਾਹੀਦਾ ਹੈ, ਜਿਸ ਨਾਲ ਸਾਹਿਤ 'ਤੇ ਪਾਠਕਾਂ ਦੀ ਭਰੋਸੇਯੋਗਤਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ਤੇ ਮਾਣ ਹੋਣਾ ਚਾਹੀਦਾ ਹੈ ਅਤੇ ਦੁਨੀਆ ਦੇ ਭਾਵੇਂ ਕਿਸੇ ਵੀ ਕੋਨੇ 'ਚ ਚਲੇ ਜਾਈਏ ਪਰ ਇਸ ਨੂੰ ਤਿਆਗਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬੀ ਨੂੰ ਰੁਜ਼ਗਾਰ ਦੀ ਭਾਸ਼ਾ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਹਿਤਕਾਰਾਂ ਨੇ ਸਮੇਂ ਸਮੇਂ ਉਤੇ ਸਮਾਜਿਕ ਕੁਰੀਤੀਆਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਤੇ ਨਾਵਲਕਾਰ ਨਾਨਕ ਸਿੰਘ ਦੇ ਨਾਵਲਾਂ ਵਿੱਚ ਤਾਂ ਪੰਜਾਬ ਦੀ ਅੱਧੀ ਸਦੀ ਦਾ ਬਿਰਤਾਂਤ ਮੌਜੂਦ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ 'ਪੰਜਾਬ ਦੀਆਂ ਲੋਕ ਗਾਥਾਵਾਂ' ਲੜੀ ਦੀਆਂ ਤਿੰਨ ਪੁਸਤਕਾਂ ਵੀ ਰਿਲੀਜ਼ ਕੀਤੀਆਂ।ਵਿਸ਼ੇਸ਼ ਮਹਿਮਾਨ ਡਾ. ਬਲਵੀਰ ਸਿੰਘ ਨੇ ਕਿਹਾ ਕਿ ਨਾਵਲਕਾਰ ਨਾਨਕ ਸਿੰਘ ਨੂੰ ਯਾਦ ਕਰਨਾ ਆਪਣੇ ਸਾਹਿਤ ਤੇ ਬੋਲੀ ਦਾ ਸਤਿਕਾਰ ਹੈ। ਉਨ੍ਹਾਂ ਦੇ ਨਾਵਲਾਂ ਨੂੰ ਪੜ੍ਹਕੇ ਅਸੀਂ ਸਹਿਜੇ ਹੀ ਪੁਰਾਣੀਆਂ ਘਟਨਾਵਾਂ ਨਾਲ ਜੁੜ ਜਾਂਦੇ ਹਾਂ। ਉਨ੍ਹਾਂ ਨਾਨਕ ਸਿੰਘ ਦੇ ਦੇਸ਼ ਦੀ ਅਜ਼ਾਦੀ ਦੇ ਅੰਦੋਲਨ 'ਚ ਆਪਣੀਆਂ ਕ੍ਰਿਤਾਂ ਰਾਹੀਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਲਮ ਦੀ ਤਾਕਤ ਤਲਵਾਰ ਨਾਲੋਂ ਜ਼ਿਆਦਾ ਧਾਰਦਾਰ ਹੈ। ਉਨ੍ਹਾਂ ਭਾਸ਼ਾ ਵਿਭਾਗ ਦੇ ਉੱਦਮ ਦੀ ਸ਼ਲਾਘਾ ਕੀਤੀ।