- ਪੰਜਾਬ ਪੁਲਿਸ, ਐਨ.ਸੀ.ਸੀ. ਕੈਡਿਟਾਂ ਦੀ ਪਰੇਡ ਅਤੇ ਮਾਰਚ ਪਾਸਟ ਹੋਵੇਗਾ ਖਿੱਚ ਦਾ ਕੇਂਦਰ
- ਡਿਪਟੀ ਕਮਿਸ਼ਨਰ ਨੇ ਬੱਚਤ ਭਵਨ ਵਿਖੇ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਸਾਡੇ ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਖੇਡ ਸਟੇਡੀਅਮ ਸਰਹਿੰਦ ਵਿਖੇ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸ ਸਮਾਗਮ ਲਈ ਅਧਿਕਾਰੀ ਦੇਸ਼ ਭਗਤੀ ਦੀ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਆਜ਼ਾਦੀ ਦਿਵਸ ਸਮਾਗਮ ਲਈ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਜਿ਼ਲ੍ਹਾ ਵਾਸੀਆਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ, ਲੰਮੀਂ ਗੁਲਾਮੀ ਉਪਰੰਤ ਅਸੀਂ ਆਜ਼ਾਦ ਹੋਏ , ਸਾਡੇ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਆਜ਼ਾਦੀ ਦਿਵਾਈ , ਇਸ ਲਈ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਪੂਰੀ ਨਿਸ਼ਠਾ ਅਤੇ ਦੇਸ਼ ਭਗਤੀ ਦੀ ਭਾਵਨਾਂ ਨਾਲ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰੀਏ। ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਇਸ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ, ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਅਧਾਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ 7 ਅਗਸਤ ਤੋਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਰੀਹਰਸਲਾਂ ਸ਼ੁਰੂ ਹੋਣਗੀਆਂ ਅਤੇ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਸਮਾਗਮ ਵਾਲੇ ਸਥਾਨ ਦੀ ਸਾਫ ਸਫਾਈ, ਲੋੜੀਂਦੇ ਡਸਟਬਿਨ ਰਖਵਾਉਣ ਅਤੇ ਸਜਾਵਟੀ ਗੇਟ ਤਿਆਰ ਕਰਵਾਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਸਿਵਲ ਸਰਜਨ ਨੂੰ ਲੋੜੀਂਦੀ ਮੈਡੀਕਲ ਟੀਮ, ਐਂਬੂਲੈਸ, ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕਰਨ ਅਤੇ ਪੁਲਿਸ ਵਿਭਾਗ ਨੂੰ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਵਰਗੇ ਦਿਹਾੜੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾ ਕੇ ਉਨ੍ਹਾਂ ਅੰਦਰ ਦੇਸ਼ ਭਗਤੀ ਦੀ ਭਾਵਨਾਂ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾਂ ਨਾਲ ਮਨਾਉਣ ਵਾਸਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰ਼ਜ ਨਿਭਾਉਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਹਰਜੋਤ ਕੌਰ, ਐਸ.ਪੀ. (ਐਚ) ਸ਼੍ਰੀ ਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਐਸ.ਪੀ. ਜਸਵਿੰਦਰ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।